Connect with us

Punjab

ਕਿਸਾਨ ਅੰਦੋਲਨ: 16 ਫਰਵਰੀ ਨੂੰ ਭਾਰਤ ਬੰਦ ਦਾ ਕੀਤਾ ਗਿਆ ਐਲਾਨ

Published

on

ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਦਿੱਲੀ ਮਾਰਚ ਲਈ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੇ ਕਿਸਾਨ ਵੱਡੀ ਗਿਣਤੀ ‘ਚ ਹਰਿਆਣਾ ਦੀ ਸਰਹੱਦ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਵਪਾਰੀਆਂ ਨੂੰ ਇਸ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।

15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤਾ ਗਿਆ ਹਨ । ਇਸੇ ਦੌਰਾਨ 12 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਦਾ ਦੂਜਾ ਦੌਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਹੋਵੇਗਾ।

ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 10 ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਕੁਝ ਮੰਗਾਂ ਮੰਨ ਲਈਆਂ ਗਈਆਂ ਸਨ ਪਰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨ ਬਣਾਉਣ ਸਮੇਤ ਕੁਝ ਮੰਗਾਂ ‘ਤੇ ਸਹਿਮਤੀ ਨਹੀਂ ਬਣ ਸਕੀ ਸੀ।