India
ਕੋਵਿਡ -19 ਦੇ ਮੱਦੇਨਜ਼ਰ ਸਿਹਤ ਅਤੇ ਤੰਦਰੁਸਤ ਕੇਂਦਰਾਂ ‘ਚ ਟੇਲੀਮੇਡਿਸਨ ਸੇਵਾਵਾਂ ਸ਼ੁਰੂ: ਬਲਬੀਰ ਸਿੰਘ ਸਿੱਧੂ
ਚੰਡੀਗੜ•, 24 ਅਪ੍ਰੈਲ:
ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 300 ਐਚ.ਡਬਲਯੂ.ਸੀਜ਼. (ਸਿਹਤ ਅਤੇ ਤੰਦਰੁਸਤ ਕੇਂਦਰ) ਵਿੱਚ ਟੇਲੀਮੇਡਿਸਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਸਬੰਧੀ ਵੇਰਵੇ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਵਲ ਹਸਪਤਾਲ, ਮੁਹਾਲੀ ਵਿਖੇ 4 ਮੈਡੀਕਲ ਅਫ਼ਸਰਾਂ ਅਤੇ 1 ਟੇਲੀਮੇਡਿਸਨ ਐਗਜ਼ੀਕਿਊਟਿਵ ਦੇ ਨਾਲ ਇੱਕ ‘ਟੇਲੀਮੇਡਿਸਨ ਹੱਬ’ ਸਥਾਪਤ ਕੀਤਾ ਗਿਆ ਹੈ ਜਿਸ ਰਾਹੀਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿਚ ਸੂਬੇ ਭਰ ਵਿਚ ਇਸ ਦਾ ਮੁਲਾਂਕਣ ਕਰਨ ਤੋਂ ਬਾਅਦ ਮੈਡੀਕਲ ਅਫ਼ਸਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ। ਸੂਬੇ ਵਿਚ ਟੇਲੀਮੇਡਿਸਨ ਪ੍ਰੋਗ੍ਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਈ-ਸੰਜੀਵਨੀ ਟੇਲੀਮੇਡਿਸਨ ਐਪਲੀਕੇਸ਼ਨ ਦੀ ਵਰਤੋਂ ਕੀਤੀ ਜਾ ਰਹੀ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ, ਕਮਿਊਨਿਟੀ ਸਿਹਤ ਅਧਿਕਾਰੀ ਸਿਹਤ ਕੇਂਦਰਾਂ ਵਿੱਚ ਵੀਡੀਓ ਕਾਲਿੰਗ ਜ਼ਰੀਏ ਹੱਬ ਦੇ ਮੈਡੀਕਲ ਅਧਿਕਾਰੀਆਂ ਨਾਲ ਸੰਪਰਕ ਕਰਦੇ ਹਨ ਅਤੇ ਫਿਰ ਸੀਐਚਓ ਮੈਡੀਕਲ ਅਧਿਕਾਰੀ ਤੋਂ ਈ-ਸੰਜੀਵਨੀ ਐਪ ਰਾਹੀਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਮਰੀਜਾਂ ਨੂੰ ਦਵਾਈਆਂ ਦਿੰਦੇ ਹਨ। ਇਨ੍ਹਾਂ ਕੇਂਦਰਾਂ ਵਿਖੇ ਵਧੀਆ ਸੇਵਾਵਾਂ ਦੇਣ ਲਈ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕੇਂਦਰਾਂ ਤੋਂ ਲੰਬੀਆਂ ਚੱਲਣ ਵਾਲੀਆਂ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਦਵਾਈਆਂ ਲੈਣ ਲਈ ਲੰਬੀ ਦੂਰੀ ਤੈਅ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਸੂਬੇ ਦੇ ਮੁੱਖ ਦਫ਼ਤਰ ਤੋਂ ਇੰਟਰਨੈੱਟ ਡੋਂਗਲ ਪ੍ਰਾਪਤ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਸੂਬੇ ਭਰ ਦੇ ਸਾਰੇ ਸਿਹਤ ਤੇ ਤੰਦਰੁਸਤ ਕੇਂਦਰਾਂ ਵਿੱਚ ਅਜਿਹੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਸੂਬੇ ਭਰ ਵਿੱਚ 2022 ਸਿਹਤ ਤੇ ਤੰਦਰੁਸਤ ਕੇਂਦਰਾਂ ਚਾਲੂ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਕੇਂਦਰਾਂ ਵਿੱਚ 1582 ਕਮਿਊਨਿਟੀ ਸਿਹਤ ਅਧਿਕਾਰੀ ਪਹਿਲਾਂ ਹੀ ਤਾਇਨਾਤ ਕੀਤੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਪਿੰਡਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਸਿਹਤ ਕੇਂਦਰ ਨਿਰਨਾਇਕ ਸਾਬਿਤ ਹੋਣਗੇ ਜਿਸ ਦੁਆਰਾ ਮੁੱਢਲੇ ਸਿਹਤ ਸੇਵਾ ਟੀਮਾਂ ਵੱਲੋਂ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।