National
CAA ‘ਤੇ ਰੋਕ ਲਗਾਉਣ ਦੀਆਂ ਪਟੀਸ਼ਨਾਂ ਦਾ ਮਾਮਲਾ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਕੀਤਾ ਜਾਰੀ
19 ਮਾਰਚ 2024: ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਦਾਇਰ 237 ਪਟੀਸ਼ਨਾਂ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਨ੍ਹਾਂ ‘ਚੋਂ 20 ਪਟੀਸ਼ਨਾਂ ‘ਚ ਕਾਨੂੰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ (ਐਸਜੀ) ਨੇ ਜਵਾਬ ਦਾਖ਼ਲ ਕਰਨ ਲਈ 4 ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਉਸ ਨੂੰ 3 ਹਫ਼ਤਿਆਂ ਦਾ ਸਮਾਂ ਦਿੱਤਾ ਹੈ।
ਸੁਣਵਾਈ ਦੌਰਾਨ ਸਾਲਿਸਟਰ ਜਨਰਲ ਨੇ ਕਿਹਾ ਕਿ ਇਹ ਐਕਟ ਕਿਸੇ ਦੀ ਨਾਗਰਿਕਤਾ ਨਹੀਂ ਖੋਹ ਰਿਹਾ ਹੈ। 2014 ਤੋਂ ਪਹਿਲਾਂ ਦੇਸ਼ ਵਿੱਚ ਆਏ ਲੋਕਾਂ ਨੂੰ ਹੀ ਨਾਗਰਿਕਤਾ ਦਿੱਤੀ ਜਾ ਰਹੀ ਹੈ। ਉਸ ਤੋਂ ਬਾਅਦ ਆਏ ਕਿਸੇ ਨਵੇਂ ਸ਼ਰਨਾਰਥੀ ਨੂੰ ਨਹੀਂ। ਪਟੀਸ਼ਨਕਰਤਾਵਾਂ ਦੇ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਜਵਾਬ ਨਹੀਂ ਦਿੰਦਾ, ਨਵੀਂ ਨਾਗਰਿਕਤਾ ਨਹੀਂ ਦਿੱਤੀ ਜਾਣੀ ਚਾਹੀਦੀ। ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਅਸੀਂ ਦੁਬਾਰਾ ਅਦਾਲਤ ਵਿੱਚ ਆਵਾਂਗੇ।
ਇਸ ‘ਤੇ ਸੀਜੇਆਈ ਬੈਂਚ ਨੇ ਕਿਹਾ ਕਿ ਅਸੀਂ ਇੱਥੇ ਹਾਂ। ਕੇਂਦਰ ਸਰਕਾਰ ਨੂੰ ਸਟੇਅ ਦਾ ਜਵਾਬ ਦੇਣ ਲਈ 2 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ‘ਤੇ 8 ਅਪ੍ਰੈਲ ਤੱਕ ਹਲਫਨਾਮਾ ਦਾਇਰ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਅਸੀਂ 9 ਅਪ੍ਰੈਲ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਅਹਿਮ ਗੱਲਾਂ ਸੁਣਾਂਗੇ। ਅਸਾਮ ਅਤੇ ਤ੍ਰਿਪੁਰਾ ਨਾਲ ਸਬੰਧਤ ਪਟੀਸ਼ਨਾਂ ਵਿੱਚ ਇੱਕ ਵੱਖਰਾ ਨੋਟ ਦਿੱਤਾ ਜਾਣਾ ਚਾਹੀਦਾ ਹੈ।
ਕੇਂਦਰ ਨੇ 11 ਮਾਰਚ ਨੂੰ CAA ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲੇਗੀ। ਇੰਡੀਅਨ ਯੂਨੀਅਨ ਮੁਸਲਿਮ ਲੀਗ, ਅਸਾਮ ਕਾਂਗਰਸ ਦੇ ਨੇਤਾ ਦੇਬਾਬਰਤ ਸੈਕੀਆ, ਅਸਾਮ ਜਾਤੀਵਾਦੀ ਯੁਵਾ ਵਿਦਿਆਰਥੀ ਪ੍ਰੀਸ਼ਦ, ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਵੱਲੋਂ ਇਸ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਹੈ।