Connect with us

Uncategorized

ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਤੋਂ ਬਚਣ ਲਈ CM ਮਾਨ ਨੇ ਕੀਤੀ ਅਪੀਲ

Published

on

ਚੰਡੀਗੜ੍ਹ : ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ।

ਇੱਥੋਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਭ੍ਰਿਸ਼ਟਾਚਾਰ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨਾਂ ਦਾ ਭਵਿੱਖ ਤਬਾਹ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 102 ਵਿਅਕਤੀਆਂ ਨੂੰ ਨੌਕਰੀ ਦਿਵਾਉਣ ਬਹਾਨੇ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਬਾਰੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਸੂਬੇ ਵਿੱਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ 43 ਹਜ਼ਾਰ ਤੋਂ ਵੱਧ ਨੌਕਰੀਆਂ ਨਿਰੋਲ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਇਸ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਪੀਲ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗਿਰੋਹਾਂ ਦੇ ਜਾਲ ਵਿੱਚ ਨਾ ਫਸਣ, ਜੋ ਨੌਕਰੀ ਬਦਲੇ ਪੈਸੇ ਮੰਗਦੇ ਹਨ। ਉਨ੍ਹਾਂ ਕਿਹਾ ਕਿ ਇਹ ਠੱਗੀਆਂ ਮਾਰਨ ਵਾਲੇ ਨੌਜਵਾਨਾਂ ਨੂੰ ਸਿਰਫ਼ ਧੋਖਾ ਦੇ ਰਹੇ ਹਨ ਕਿਉਂਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਦੇ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ, ਜਿਸ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਗਰੋਹ 2021 ਤੋਂ ਚੱਲ ਰਿਹਾ ਸੀ ਪਰ ਹੁਣ ਇਹ ਵਿਜੀਲੈਂਸ ਬਿਊਰੋ ਦੇ ਜਾਲ ਵਿੱਚ ਫਸ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ, ਜਿੱਥੇ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਪੰਜਾਬੀ, ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ।

Continue Reading