Connect with us

Punjab

ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਵੱਜਿਆ ਬਿਗੁਲ

Published

on

ਚੋਣ ਕਮਿਸ਼ਨ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਪੰਜਾਬ ਵਿਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਠੀਕ ਦਸ ਦਿਨ ਬਾਅਦ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

4 ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ-
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।

ਚੋਣ ਜ਼ਾਬਤਾ ਲਾਗੂ-
ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਯਾਨੀ ਕਿ ਮੰਗਲਵਾਰ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।

ਸੰਸਦ ਮੈਂਬਰ ਚੁਣੇ ਗਏ ਹਨ ਚਾਰ ਸੀਟਾਂ ਤੋਂ ਵਿਧਾਇਕ
ਜਿੰਨ੍ਹਾਂ ਚਾਰਾਂ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ। ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।