Connect with us

Punjab

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 22ਵੇਂ ਦਿਨ ਵੀ ਭੁੱਖ ਹੜਤਾਲ ਜਾਰੀ, ਸਿਹਤ ਨਾਜ਼ੁਕ

Published

on

ਪਿਛਲ਼ੇ 10 ਮਹੀਨਿਆਂ ਤੋਂ ਕਿਸਾਨਾਂ ਦੇ ਅੰਦੋਲਨ ਕਾਰਨ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਬੰਦ ਹੋਇਆ ਪਿਆ ਹੈ।ਇਸ ਤੋਂ ਇਲਾਵਾ 22 ਦਿਨਾਂ ਤੋਂ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਹੈ, ਜਿਸ ਕਾਰਨ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਦੱਸ ਦਈਏ ਕਿ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਡੱਲੇਵਾਲ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ।

ਲਗਾਤਾਰ 22ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਹੈ। ਪਰ ਸਰੀਰ ’ਚ ਪਾਣੀ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਇਸ ਸਮੇਂ ਬਿਲਕੁੱਲ ਵੀ ਠੀਕ ਨਹੀਂ ਹੈ। ਡਾਕਟਰਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਦੀ ਲੋੜ ਹੈ ਅਤੇ ਅਜਿਹਾ ਨਾ ਹੋਣ ’ਤੇ ਉਨ੍ਹਾਂ ਨੇ ਸਾਈਲੈਂਟ ਅਟੈਕ ਦਾ ਵੀ ਖਦਸ਼ਾ ਜਤਾਇਆ ਹੈ।

ਦੱਸ ਦਈਏ ਕਿ ਡਾਕਟਰ ਸਵੈਮਾਨ ਦੀ ਟੀਮ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਫਿਰਕਮੰਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਬੀਪੀ ਘੱਟ-ਵੱਧ ਰਿਹਾ ਹੈ। ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਹੋਣ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਰਹੀ ਹੈ। ਉਨ੍ਹਾਂ ਵੱਲੋਂ ਦਿਲ ਦੇ ਮਾਹਿਰ ਡਾਕਟਰ ਤੋਂ ਸਲਾਹ ਲਈ ਜਾ ਰਹੀ ਹੈ। ਲੀਵਰ ਅਤੇ ਕਿਡਨੀ ’ਤੇ ਵੀ ਅਸਰ ਪੈ ਰਿਹਾ ਹੈ। ਸਰਕਾਰੀ ਡਾਕਟਰ ਦਾ ਇਹ ਵੀ ਕਹਿਣਾ ਹੈ ਕਿ ਗੁਰਦੇ ਵਾਲੇ ਟੈਸਟ ’ਚ ਥੋੜੀ ਪਰੇਸ਼ਾਨੀ ਹੈ। ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਵੀ ਵੱਧ ਖ਼ਤਰਾ ਹੋ ਗਿਆ ਹੈ। ਇਨਫੈਕਸ਼ਨ ਤੋਂ ਬਚਾਉਣ ਲਈ ਉਨ੍ਹਾਂ ਨੂੰ ਮਿਲਣ ਆਉਣ ਵਾਲੇ ਲੋਕਾਂ ਨੂੰ ਮਾਸਕ ਪਾ ਕੇ ਹੀ ਜਾਣ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਹੈ ਕਿ ਮੰਚ ’ਤੇ ਹੀ ਜਗਜੀਤ ਸਿੰਘ ਡੱਲੇਵਾਲ ਲਈ ਸ਼ੀਸ਼ੇ ਦਾ ਕਮਰਾ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਇਨਫੈਕਸ਼ਨ ਤੋਂ ਬਚਾਇਆ ਜਾ ਸਕੇ। ਖਰਾਬ ਸਿਹਤ ਦੇ ਚੱਲ਼ਦਿਆਂ ਵੀ ਬੀਤੇ ਦਿਨ ਯਾਨੀ ਕਿ ਸੋਮਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਕਰੀਬ 10 ਮਿੰਟ ਤੱਕ ਸੰਬੋਧਨ ਵੀ ਕੀਤਾ।

ਜ਼ਿਕਰਯੋਗ ਹੈ ਕਿ 18 ਦਸੰਬਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।