National
ਦਿੱਲੀ ਵਿਧਾਨ ਸਭਾ ਚੋਣਾਂ ਹੁਣ ਤੱਕ ਕਿੰਨੇ ਫੀਸਦੀ ਹੋਈ ਵੋਟਿੰਗ?
ਅੱਜ ਦਿੱਲੀ ਦੀਆਂ ਵਿਧਾਨ ਸਭਾ ਦੀਆਂ 70 ਸੀਟਾਂ ‘ਤੇ ਵੋਟਿੰਗ ਜਾਰੀ ਹੈ। ਦੱਸ ਦੇਈਏ ਕਿ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਸਾਰੇ ਪੋਲਿੰਗ ਬੂਥਾਂ ਦੇ ਬਾਹਰ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਤਮਾਮ ਦਿੱਗਜ਼ਾਂ ਵੱਲੋਂ ਮਤਦਾਨ ਕੀਤਾ ਗਿਆ ਹੈ। ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਦਿੱਗਜਾਂ ਨੇ ਆਪਣੀ ਪੂਰੀ ਤਾਕਤ ਲਾ ਰੱਖੀ ਹੈ।
ਜੇਕਰ ਗੱਲ ਕਰੀਏ ਹੁਣ ਤੱਕ ਕਿੰਨੇ ਫ਼ੀਸਦੀ ਵੋਟਿੰਗ ਹੋਈ ਹੈ ਤਾਂ ਦੁਪਹਿਰ 1 ਵਜੇ ਤੱਕ 33.31 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਜਿਆਦਾ 39.51 ਫ਼ੀਸਦੀ ਵੋਟਿੰਗ ਨਾਰਥ ਈਸਟ ਦਿੱਲੀ ‘ਚ ਹੋਈ ਹੈ। ਇਸ ਤੋਂ ਪਹਿਲਾਂ ਚੋਣ ਆਯੋਗ ਦੇ ਅੰਕੜਿਆਂ ਮੁਤਾਬਕ ਸਵੇਰੇ 11 ਵਜੇ ਤੱਕ ਦਿੱਲੀ ਵਿੱਚ 19.95 ਫੀਸਦੀ ਵੋਟਿੰਗ ਹੋਈ ਸੀ।
ਦੱਸਣਯੋਗ ਹੈ ਕਿ ਕੌਮੀ ਰਾਜਧਾਨੀ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ’ਚ ‘ਆਪ’, ਭਾਜਪਾ ਤੇ ਕਾਂਗਰਸ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਦਿੱਲੀ ਦੇ 1.56 ਕਰੋੜ ਵੋਟਰ ਕੁੱਲ 699 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਮੁਤਾਬਕ 13,766 ਪੋਲਿੰਗ ਸਟੇਸ਼ਨਾਂ ’ਤੇ 1.56 ਕਰੋੜ ਵੋਟਰ ਵੋਟ ਪਾਉਣ ਦੇ ਯੋਗ ਹਨ। ਅਪਾਹਜ ਵਿਅਕਤੀਆਂ ਲਈ 733 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਦਿੱਲੀ ਪੁਲਿਸ ਵੱਲੋਂ ਕਈ ਤਰ੍ਹਾਂ ਦੇ ਸੁਰੱਖਿਆ ਉਪਾਅ ਕੀਤੇ ਹਨ, ਜਿਨ੍ਹਾਂ ਵਿੱਚ ਅਰਧ ਸੈਨਿਕ ਬਲ, ਪੁਲਿਸ ਕਰਮਚਾਰੀ, ਸੀ.ਸੀ.ਟੀ.ਵੀ, ਏ.ਆਈ ਨਾਲ ਲੈਸ ਕੈਮਰੇ ਅਤੇ ਡਰੋਨ ਸ਼ਾਮਲ ਹਨ। ਦਿੱਲੀ ਪੁਲਿਸ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਚਿਹਰੇ ਦੀ ਪਛਾਣ ਪ੍ਰਣਾਲੀ ਦੀ ਵੀ ਵਰਤੋਂ ਕਰਦੀ ਹੈ।