Punjab
ਪੰਜਾਬ ‘ਚ ਬਦਲੇਗਾ ਮੌਸਮ, ਮੀਂਹ ਦ ਅਲਰਟ ਜਾਰੀ
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਸਵੇਰ ਤੋਂ ਹੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਕਈ ਥਾਵਾਂ ‘ਤੇ ਪਾਣੀ ਭਰਨ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਮੌਸਮ ਵਿਭਾਗ ਨੇ ਅੱਜ ਵੀ ਪੰਜਾਬ ਦੇ ਕਈ ਹਿੱਸਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਸਵੇਰ ਤੋਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਕਈ ਸ਼ਹਿਰਾਂ ਵਿੱਚ ਸੜਕਾਂ ‘ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਕਾਰਨ ਦਫ਼ਤਰ ਜਾਣ ਵਾਲੇ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਵਿਭਾਗ ਨੇ ਲੋਕਾਂ ਨੂੰ ਲੋੜ ਤੋਂ ਬਿਨਾਂ ਪਾਣੀ ਭਰੇ ਇਲਾਕਿਆਂ ਵਿੱਚ ਨਾ ਜਾਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਬਣ ਸਕਦੀ ਹੈ। ਉੱਥੇ ਹੀ ਦਰਿਆਵਾਂ ਅਤੇ ਚੋਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਵੱਲੋਂ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਤੁਰੰਤ ਕਾਰਵਾਈ ਲਈ ਟੀਮਾਂ ਤਿਆਰ ਰੱਖੀਆਂ ਗਈਆਂ ਹਨ।
