Connect with us

Punjab

ਨਸ਼ਾ ਹੀ BJP ਦਾ ਚੋਣ ਮੁੱਦਾ? ਕਿਸਾਨ, ਪਾਣੀ, ਚੰਡੀਗੜ੍ਹ ਤੇ ਬੰਦੀ ਸਿੱਖਾਂ ਦੀ ਰਿਹਾਈ ’ਤੇ ਚੁੱਪ ਕਿਉਂ? ਪੰਜਾਬ ’ਚ ਸਰਕਾਰ ਕਿਵੇਂ ਬਣੂ?

Published

on

  ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜੋ 2027 ਦੇ ਸ਼ੁਰੂ ਵਿੱਚ ਹੋਣੀਆਂ ਹਨ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਹਾਲਾਂ ਕਿ ਕੋਈ ਵੀ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਦੇ ਖਿਲਾਫ ਕੋਈ ਚੋਣ ਮੁੱਦਾ ਨਹੀਂ ਬਣਾ ਸਕੀ। ਲੇਕਿਨ ਬੀਤੇ ਦਿਨ ਭਾਜਪਾ ਦੇ ਤਿੰਨ ਵੱਡੇ ਲੀਡਰਾਂ ਜਿਨ੍ਹਾਂ ਵਿੱਚ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਸ਼ਾਮਲ ਸਨ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਉਭਾਰਿਆ ਗਿਆ ਜਿਸ ਤੋਂ ਇੰਝ ਲੱਗਦਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਸ਼ੇ ਨੂੰ ਚੋਣ ਮੁੱਦਾ ਬਣਾ ਰਹੀ ਹੈ ਭਾਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸਨੂੰ ਸਿਆਸਤ ਨਾਲ ਜੋੜ ਕੇ ਨਾ ਵੇਖਿਆ ਜਾਵੇ ਇਹ ਇੱਕ ਗੰਭੀਰ ਮੁੱਦਾ ਹੈ ਪਰ ਇਹ ਸਪੱਸ਼ਟ ਹੈ ਕਿ ਇਹ ਸਭ ਚੋਣਾਂ ਦੇ ਮੱਦੇਨਜ਼ਰ ਹੀ ਅਜਿਹੀਆਂ ਪ੍ਰੈੱਸ ਕਾਨਫਰੰਸ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਇਨ੍ਹਾਂ ਨੇਤਾਵਾਂ ਨੇ ਇਹ ਵੀ ਕਿਹਾ ਕਿ ਅਗਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ Drug Trafficking Intelligent Grid ਬਣਾਇਆ ਜਾਵੇਗਾ ਜਿਸ ਨਾਲ ਨਸ਼ੇ ਨੂੰ ਪੰਜਾਬ ਵਿੱਚੋਂ ਖਤਮ ਕਰ ਦਿੱਤਾ ਜਾਵੇਗਾ। ਇੱਥੇ ਸਵਾਲ ਇਹ ਉੱਠਦਾ ਹੈ ਕਿ ਕੀ ਸਰਕਾਰ ਬਣਨ ਤੇ ਹੀ ਭਾਜਪਾ ਨਸ਼ਿਆਂ ਵਿਰੁੱਧ ਮੁਹਿੰਮ ਚਲਾਏਗੀ? ਇਸ ਸਮੇਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਨਸ਼ਾ ਪਾਕਿਸਤਾਨ ਦੀ ਸਰਹੱਦ ਤੋਂ ਆਉਂਦਾ ਹੈ ਅਤੇ ਸਰਹੱਦ ਉੱਤੇ ਤਾਇਨਾਤ ਸੁਰੱਖਿਆ ਫੋਰਸਾਂ ਕੇਂਦਰ ਦੇ ਅਧੀਨ ਹਨ, ਭਾਜਪਾ ਨੇ ਨਸ਼ੇ ਵਿਰੁੱਧ ਹੁਣ ਤੱਕ ਮੁਹਿੰਮ ਕਿਉੰ ਨਹੀਂ ਚਲਾਈ? ਇੱਥੇ ਇਹ ਵੀ ਵਰਣਨਯੋਗ ਹੈ ਕਿ ਇਹ ਤਿੰਨੇ ਨੇਤਾ ਪਹਿਲਾਂ ਕਾਂਗਰਸ ਪਾਰਟੀ ਦੇ ਨੇਤਾ ਰਹੇ ਹਨ ਤੇ ਕਾਂਗਰਸ ਪਾਰਟੀ ਨੇ ਵੀ ਨਸ਼ਿਆਂ ਨੂੰ ਵੱਡਾ ਮੁੱਦਾ ਬਣਾਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਪੰਜਾਬ ਵਿੱਚੋਂ ਨਸ਼ਾ ਚਾਰ ਹਫ਼ਤਿਆਂ ਵਿੱਚ ਖ਼ਤਮ ਕਰ ਦਿੱਤਾ ਜਾਵੇਗਾ ,ਕਾਂਗਰਸ ਦੀ ਸਰਕਾਰ ਬਣੀ ਪਰ ਨਸ਼ਾ ਖ਼ਤਮ ਨਹੀਂ ਹੋਇਆ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਭਾਜਪਾ ਨਸ਼ੇ ਨੂੰ ਹੀ ਚੋਣ ਮੁੱਦਾ ਬਣਾ ਕੇ ਪੰਜਾਬ ਵਿੱਚ ਸਰਕਾਰ ਬਣਾ ਲਵੇਗੀ? ਪੰਜਾਬ ਦੇ ਲੋਕਾਂ ਦੇ ਹੋਰ ਵੀ ਅਹਿਮ ਮਸਲੇ ਹਨ ਜਿਨ੍ਹਾਂ ਬਾਰੇ ਭਾਜਪਾ ਚੁੱਪ ਹੈ। ਜਿਵੇਂ ਕਿਸਾਨਾਂ ਦਾ ਮਸਲਾ, ਪਾਣੀਆਂ ਦਾ ਮਸਲਾ, ਚੰਡੀਗੜ੍ਹ ਦਾ ਮੁੱਦਾ, BBMB ਦਾ ਮਾਮਲਾ ਅਤੇ ਸਭ ਤੋਂ ਅਹਿਮ ਮੁੱਦਾ ਹੈ ਬੰਦੀ ਸਿੰਘਾਂ ਦੀ ਰਿਹਾਈ ਦਾ।

ਇੱਕ ਪਾਸੇ ਭਾਜਪਾ ਦੀ ਸਰਕਾਰ ਵੱਲੋਂ ਬਲਾਤਕਾਰੀ ਅਤੇ ਕਾਤਲ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇ ਕੇ ਜੇਲ੍ਹ ਤੋਂ ਬਾਹਰ ਭੇਜਿਆ ਜਾ ਰਿਹਾ ਹੈ ਪਰ ਇੱਧਰ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਬਿਮਾਰ ਹਨ ਪਰ ਉਨ੍ਹਾਂ ਨੂੰ ਦਸ ਦਿਨ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਮਿਲ ਕੇ ਜਗਤਾਰ ਸਿੰਘ ਹਵਾਰਾ ਲਈ ਦਸ ਦਿਨ ਪੈਰੋਲ ਦੀ ਮੰਗ ਕੀਤੀ ਗਈ ਸੀ ਪਰ ਕੇਂਦਰ ਸਰਕਾਰ ਨੇ ਅਜੇ ਤੱਕ ਮੰਨਜ਼ੂਰੀ ਨਹੀ ਦਿੱਤੀ। ਕਿਸਾਨਾਂ ਦੇ ਮਸਲੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਤੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਕੋਈ ਵੀ ਪਹਿਲ ਕਦਮੀ ਨਾ ਕਰਨ ਕਰਕੇ ਪੰਜਾਬ ਦੇ ਲੋਕ ਭਾਜਪਾ ਤੋਂ ਨਾਰਾਜ਼ ਹਨ। ਅਗਰ ਭਾਜਪਾ ਚਾਹੁੰਦੀ ਹੈ ਕਿ ਪੰਜਾਬ ਦੇ ਲੋਕ ਉਸ ਨਾਲ ਜੁੜਨ ਤਾਂ ਉਸਨੂੰ ਨਸ਼ਿਆਂ ਦੇ ਮੁੱਦੇ ਦੇ ਨਾਲ ਨਾਲ ਹੀ ਕਿਸਾਨਾਂ ਦੇ ਮਸਲੇ, ਬੰਦੀ ਸਿੰਘਾਂ ਦੀ ਰਿਹਾਈ, ਪਾਣੀਆਂ ਦਾ ਮਸਲਾ, ਚੰਡੀਗੜ੍ਹ ਦਾ ਮੁੱਦਾ ਅਤੇ BBMB ਦੇ ਮਾਮਲੇ ‘ਤੇ ਫਿਰਾਖ ਦਿਲੀ ਦਿਖਾਉਣੀ ਹੋਵੇਗੀ ਤਾਂ ਹੀ ਉਹ ਪੰਜਾਬ ਦੇ ਲੋਕਾਂ ਦਾ ਮਨ ਜਿੱਤ ਸਕਦੀ ਹੈ ਇਕੱਲੇ ਨਸ਼ਿਆਂ ਦੇ ਮੁੱਦੇ ਨਾਲ ਸਰਕਾਰ ਨਹੀਂ ਬਣਨੀ। ਹੁਣ ਵੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਪੰਜਾਬ ਦੇ ਲੋਕਾਂ ਦੀ ਨਬਜ਼ ਪਛਾਣ ਕੇ ਇਨ੍ਹਾਂ ਅਹਿਮ ਮੁੱਦਿਆਂ ਨੂੰ ਛੂੰਹਦੀ ਹੈ ਜਾਂ ਅਣਗੌਲਿਆ ਕਰਦੀ ਹੈ।

ਕੁਲਵੰਤ ਸਿੰਘ ਗੱਗੜਪੁਰੀ