Uncategorized
ਪੰਜਾਬ ਨੂੰ ਮਿਲਿਆ ਰੈਗੂਲਰ DGP, ਗੌਰਵ ਯਾਦਵ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਕਾਰਜਕਾਰੀ ਡੀਜੀਪੀ ਦੇ ਪ੍ਰਬੰਧ ਦਾ ਅੰਤ ਹੋ ਗਿਆ ਹੈ।
ਗੌਰਵ ਯਾਦਵ ਜੁਲਾਈ 2022 ਤੋਂ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਰੈਗੂਲਰ ਨਿਯੁਕਤੀ ਤੋਂ ਪਹਿਲਾਂ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਵੱਲੋਂ ਪੰਜਾਬ ਪੁਲਿਸ ਮੁਖੀ ਦੇ ਅਹੁਦੇ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਤਿਆਰ ਕੀਤਾ ਗਿਆ ਸੀ। ਇਸ ਪੈਨਲ ਵਿੱਚ ਗੌਰਵ ਯਾਦਵ ਤੋਂ ਇਲਾਵਾ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਮ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਣੀ ਤੈਅ ਸੀ। ਸੁਣਵਾਈ ਤੋਂ ਪੰਜ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਰੈਗੂਲਰ ਡੀਜੀਪੀ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਰੈਗੂਲਰ ਡੀਜੀਪੀ ਦੀ ਨਿਯੁਕਤੀ ਵਿੱਚ ਦੇਰੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਵੀ ਸਰਕਾਰ ਦੀ ਆਲੋਚਨਾ ਕੀਤੀ ਜਾਂਦੀ ਰਹੀ ਹੈ।
ਗੌਰਵ ਯਾਦਵ 30 ਅਪ੍ਰੈਲ 2029 ਨੂੰ ਸੇਵਾਮੁਕਤ ਹੋਣਗੇ। ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਪੁਲਿਸ ਦੀ ਅਗਵਾਈ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਪ੍ਰਕਿਰਿਆ ਨੂੰ ਹੁਣ ਰਸਮੀ ਤੌਰ ’ਤੇ ਨਵਾਂ ਰੂਪ ਮਿਲ ਗਿਆ ਹੈ।
