Punjab
ਪੰਜਾਬ-ਚੰਡੀਗੜ੍ਹ ‘ਚ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਸੰਭਾਵਨਾ ਨਹੀਂ
ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਮੌਸਮ ਖੁਸ਼ਕ ਬਣਿਆ ਰਹੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਗਰਮੀ ਦਾ ਅਸਰ ਬਰਕਰਾਰ ਰਹੇਗਾ, ਜਦਕਿ ਸਵੇਰੇ ਅਤੇ ਰਾਤ ਦੇ ਸਮੇਂ ਠੰਢ ਹੋਰ ਵਧਣ ਦਾ ਅਹਿਸਾਸ ਹੋਵੇਗਾ।
ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਦੇ ਨਾਲ ਹੀ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ 33.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।
ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵਧ ਰਹੇ ਫ਼ਰਕ ਕਾਰਨ ਮੌਸਮ ਦੇ ਬਦਲਦੇ ਮਿਜ਼ਾਜ ਦਾ ਅਹਿਸਾਸ ਹੋ ਰਿਹਾ ਹੈ। ਦਿਨ ਵੇਲੇ ਤੇਜ਼ ਧੁੱਪ ਅਤੇ ਗਰਮੀ ਰਹੇਗੀ, ਪਰ ਸਵੇਰ ਅਤੇ ਰਾਤ ਨੂੰ ਹਲਕੀ ਠੰਢ ਮਹਿਸੂਸ ਹੋ ਸਕਦੀ ਹੈ।
ਉੱਧਰ, ਪੱਛਮੀ ਗੜਬੜੀ ਸਰਗਰਮ ਹੋਣ ਦੇ ਬਾਵਜੂਦ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 20 ਤੋਂ 26 ਅਕਤੂਬਰ ਤੱਕ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਕੁੱਲ ਮਿਲਾ ਕੇ ਉੱਤਰੀ ਭਾਰਤ ਵਿੱਚ ਦਿਨ ਵੇਲੇ ਗਰਮੀ ਅਤੇ ਸਵੇਰੇ-ਰਾਤ ਠੰਢ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਫਿਲਹਾਲ ਮੀਂਹ ਤੋਂ ਰਾਹਤ ਮਿਲੇਗੀ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
