Punjab
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਡੀਜੀਪੀ ਦਾ ਵੱਡਾ ਬਿਆਨ ਆਇਆ ਸਾਹਮਣੇ
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਹੁਣ ਤੱਕ 35 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਪੁਲਿਸ ਇਸ ਮਾਮਲੇ ਨੂੰ ਨਜਿੱਠਣ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ।
ਗੌਰਵ ਯਾਦਵ ਨੇ ਅੱਜ ਦੱਸਿਆ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਹਰਿਆਣਾ, ਰਾਜਸਥਾਨ, ਦਿੱਲੀ ਪੁਲਿਸ ਦੇ ਨਾਲ-ਨਾਲ ਕੇਂਦਰੀ ਏਜੰਸੀਆਂ ਨਾਲ ਵਧੀਆ ਤਾਲਮੇਲ ਬਣਾ ਕੇ ਉਪਰੋਕਤ 35 ਗ੍ਰਿਫਤਾਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਅਹਿਮ ਗੱਲ ਇਹ ਰਹੀ ਹੈ ਕਿ ਇੱਕ ਮੁਲਜ਼ਮ ਦੀਪਕ ਮੁੰਡੀ ਨੂੰ ਨੇਪਾਲ ਸਰਹੱਦ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਇੱਕ ਗੈਂਗਸਟਰ ਨੂੰ ਰਾਜਸਥਾਨ ਵਿੱਚ ਗੋਲੀ ਚਲਾਉਣ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਨੇ 2 ਗੈਂਗਸਟਰਾਂ ਨੂੰ ਢੇਰ ਕਰ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਇੱਕ ਦੁਖਦਾਈ ਘਟਨਾ ਸੀ ਪਰ ਪੰਜਾਬ ਪੁਲਿਸ ਨੇ ਇਸ ਨੂੰ ਪੇਸ਼ੇਵਰ ਢੰਗ ਨਾਲ ਨਜਿੱਠਿਆ ਅਤੇ ਜ਼ਿਆਦਾਤਰ ਗੈਂਗਸਟਰਾਂ ਅਤੇ ਮੁਲਜ਼ਮਾਂ ਨੂੰ ਫੜਨ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਕਤਲ ਕਾਂਡ ਦੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੇ ਸਮਰੱਥ ਹੈ।