Connect with us

Punjab

ਤਰਨਤਾਰਨ ‘ਚ 5 ਕਿਲੋ ਹੈਰੋਇਨ ਸਣੇ ਤਸਕਰ ਕਾਬੂ, ਪਾਕਿਸਤਾਨ ਤੋਂ ਮੰਗਵਾਈ ਗਈ ਸੀ ਨਸ਼ੇ ਦੀ ਖੇਪ

Published

on

drug

TARANTARAN, 12AUGUST 2023: ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ।

ਫੜੇ ਗਏ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ ਭੱਲਾ ਵਾਸੀ ਪਿੰਡ ਲੱਖਾ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਨੇ ਉਸ ਕੋਲੋਂ ਪੰਜ ਕਿਲੋ ਹੈਰੋਇਨ ਤੋਂ ਇਲਾਵਾ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਯਾਦਵ ਨੇ ਦੱਸਿਆ ਕਿ ਤਰਨਤਾਰਨ ਦੇ ਡੇਰਾ ਰਾਧਾ ਸੁਆਮੀ ਨੇੜੇ ਪਿੰਡ ਤਾਰਾ ਸਿੰਘ-ਪਿੰਡ ਬਾਸਰਕੇ ਰੋਡ ‘ਤੇ ਕੀਤੀ ਵਿਸ਼ੇਸ਼ ਚੈਕਿੰਗ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ। ਏਆਈਜੀ (ਐਸਐਸਓਸੀ ਅੰਮ੍ਰਿਤਸਰ) ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪਾਕਿਸਤਾਨ ਸਥਿਤ ਸਮੱਗਲਰਾਂ ਅਤੇ ਖੇਪ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।