Punjab
‘ਆਪ’ ਵਿਧਾਇਕ ਦੇ ਪੀ.ਏ. ਨੂੰ 20 ਫਰਵਰੀ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ

ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਇੰਜੀ. ਅਮਿਤ ਰਤਨ ਕੋਟਫੱਤਾ ਦੇ ਨਜ਼ਦੀਕੀ ਅਤੇ ਨਿੱਜੀ ਪੀ.ਏ. ਰਿਸ਼ਮ ਗਰਗ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਬਾਅਦ ‘ਆਪ’ ਸਰਕਾਰ ਅਤੇ ਆਪ ਦੇ ਵਿਧਾਇਕ ਅਮਿਤ ਰਤਨਾ ਕੋਟਫੱਤਾ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਆਗੂਆਂ ਨੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਨਾਮਜ਼ਦ ਕੀਤੇ ਗਏ ਦੋ ਵਿਅਕਤੀਆਂ ਵਿੱਚੋਂ ਸਿਰਫ਼ ਇੱਕ ਖ਼ਿਲਾਫ਼ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ’ਤੇ ਕਈ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਪਟਿਆਲਾ ਦੇ ਸਮਾਣਾ ਸਥਿਤ ਰਿਸ਼ਮ ਦੇ ਘਰ ਛਾਪਾ ਮਾਰਿਆ।
ਵਿਰੋਧੀ ਧਿਰ ਦੇ ਆਗੂਆਂ ਨੇ ਮੰਗ ਕੀਤੀ ਕਿ ਜੇਕਰ ‘ਆਪ’ ਸਰਕਾਰ ਇਮਾਨਦਾਰ ਹੈ ਤਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਇਸ ਦੇ ਵਿਧਾਇਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਵਿਧਾਇਕ ਅਮਿਤ ਰਤਨਾ ਕੋਟਫੱਤਾ ਨੇ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੰਦਿਆਂ ਸਿਆਸੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਉਣ ਦੀ ਗੱਲ ਕਹੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ਮ ਗਰਗ ਉਨ੍ਹਾਂ ਦੇ ਪੀ.ਏ. ਉੱਥੇ ਨਹੀਂ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਰਿਸ਼ਮ ਗਰਗ ਨੂੰ ਸ਼ੁੱਕਰਵਾਰ ਦੁਪਹਿਰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 20 ਫਰਵਰੀ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ, ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ | ਜਦੋਂ ਕਿ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਦੇ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਵਿਧਾਇਕ ਦੀ ਕੋਈ ਭੂਮਿਕਾ ਹੈ ਜਾਂ ਨਹੀਂ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਵਿਜੀਲੈਂਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।