Punjab
31 ਅਗਸਤ ਨੂੰ ਖੱਟਰ ਅਤੇ ਮੋਦੀ ਸਰਕਾਰ ਖਿਲਾਫ ‘ਆਪ’ ਦਵੇਗੀ ਜ਼ਿਲ੍ਹਾ ਪੱਧਰੀ ਧਰਨੇ : ਕੁਲਤਾਰ ਸੰਧਵਾਂ

ਚੰਡੀਗੜ੍ਹ : ਕਰਨਾਲ ਵਿਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ’ਤੇ ਪੁਲਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟੜ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ (Narinder Modi) ਸਰਕਾਰ ਖ਼ਿਲਾਫ਼ ਸੂਬਾ ਭਰ ’ਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਮਰਥਨ ’ਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ।
ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਰਿਆਣਾ ਦੇ ਕਰਨਾਲ ’ਚ ਕਿਸਾਨਾਂ ’ਤੇ ਪੁਲਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਜ਼ਿੰਮੇਵਾਰ ਹਨ ਕਿਉਂਕਿ ਨਰਿੰਦਰ ਮੋਦੀ ਅਤੇ ਖੱਟੜ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਹੁਕਮਾਂ ’ਤੇ ਹਰਿਆਣਾ ਪੁਲਸ ਵੱਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ।
ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ (Sushil Kajal) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ’ਚ ਲਿਖਿਆ ਜਾਵੇਗਾ। ਨਰਿੰਦਰ ਮੋਦੀ ਅਤੇ ਖੱਟੜ ਸਰਕਾਰ ਦੀ ਅਲੋਚਨਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ‘ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ ‘ਆਪ’ ਵੱਲੋਂ 31 ਅਗਸਤ ਨੂੰ ਪੰਜਾਬ ਭਰ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟੜ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗ ਪੱਤਰਾਂ ਰਾਹੀਂ ਭਾਰਤੀ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਕਰਨਾਲ ਵਿਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ ‘ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। ‘ਆਪ’ ਆਗੂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।