Punjab
MP ਬਣਨ ਤੋਂ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪੰਜਾਬ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ।
ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋਂ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਸਾਬਕਾ ਆਜ਼ਾਦ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਸਿਮਰਨਜੀਤ ਸਿੰਘ ਮਾਨ ਨੂੰ ਹਰਾ ਕੇ ਜਿੱਤੇ ਸਨ।
2017 ‘ਚ ਪਹਿਲੀ ਵਾਰ ਲੜੀ ਸੀ ਚੋਣ
ਗੁਰਮੀਤ ਸਿੰਘ ਦਾ ਜਨਮ 1989 ਵਿੱਚ ਹੋਇਆ ਸੀ। ਉਨ੍ਹਾਂ ਦੀ ਉਮਰ ਸਿਰਫ਼ 35 ਸਾਲ ਹੈ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ ਪਹਿਲੀ ਵਾਰ 2017 ‘ਚ ਚੋਣ ਲੜੀ ਸੀ। ਉਸ ਸਮੇਂ ਉਹ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ ਸਨ। ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਬਰਨਾਲਾ ਖੇਤਰ ਤੋਂ 50 ਫੀਸਦੀ ਵੋਟਾਂ ਹਾਸਲ ਕਰਕੇ ਜਿੱਤੀਆਂ ਸਨ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਇਆ ਗਿਆ। ਉਸ ਨੂੰ ਪਹਿਲਾਂ ਪੰਜ ਵਿਭਾਗ ਦਿੱਤੇ ਗਏ ਸਨ। ਜਦੋਂ ਕਿ 2024 ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 172560 ਵੋਟਾਂ ਦੇ ਫਰਕ ਨਾਲ ਹਰਾ ਕੇ ਲੋਕ ਸਭਾ ਚੋਣ ਜਿੱਤੀ ਸੀ।