Health
ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਨੂੰ ਹੋਇਆ ਕੋਰੋਨਾ, ਦੋ ਦਿਨਾਂ ਦੌਰੇ ‘ਤੇ ਆਏ ਸਨ ਭਾਰਤ

ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਅਜੇ ਬੰਗਾ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਉਹ ਬੁੱਧਵਾਰ (23 ਮਾਰਚ) ਨੂੰ ਦਿੱਲੀ ਆਏ ਸਨ ਅਤੇ ਅੱਜ (ਵੀਰਵਾਰ) ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨ ਵਾਲੇ ਸਨ, ਪਰ ਇਸ ਤੋਂ ਪਹਿਲਾਂ ਹੀ ਉਹ ਕੋਰੋਨਾ ਦੇ ਰੂਟੀਨ ਟੈਸਟ ਵਿੱਚ ਪਾਜ਼ੇਟਿਵ ਪਾਏ ਗਏ ਸਨ। ਮੀਟਿੰਗ ਰੱਦ ਕਰ ਦਿੱਤੀ ਗਈ ਹੈ।
ਅਮਰੀਕੀ ਦੂਤਘਰ ਦੇ ਬੁਲਾਰੇ ਨੇ ਦੱਸਿਆ ਕਿ ਦਿੱਲੀ ਆਉਣ ਤੋਂ ਪਹਿਲਾਂ ਬੰਗਾ ਦਾ ਕੋਵਿਡ ਟੈਸਟ ਕੀਤਾ ਗਿਆ ਸੀ, ਫਿਰ ਉਸ ਦੀ ਰਿਪੋਰਟ ਨੈਗੇਟਿਵ ਆਈ ਸੀ। ਉਨ੍ਹਾਂ ਵਿੱਚ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ, ਪਰ ਸਕਾਰਾਤਮਕ ਪਾਏ ਜਾਣ ਤੋਂ ਬਾਅਦ, ਉਨ੍ਹਾਂ ਨੂੰ ਸਥਾਨਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਲੱਗ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਭਾਰਤ ਵਿੱਚ ਪਿਛਲੇ ਦੋ ਹਫ਼ਤਿਆਂ ਵਿੱਚ ਦੇਸ਼ ਵਿੱਚ ਇਨਫਲੂਐਂਜ਼ਾ ਅਤੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਬੁੱਧਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 1134 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 7,026 ਹੋ ਗਈ ਹੈ।