Punjab
ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਜੇਲ੍ਹ ‘ਚ ਨਵਜੋਤ ਸਿੱਧੂ ਨਾਲ ਕਰ ਸਕਦੀ ਹੈ ਮੁਲਾਕਾਤ

ਪਟਿਆਲਾ: ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਪਟਿਆਲਾ ਜੇਲ੍ਹ ‘ਚ ਬੰਦ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਮਿਲ ਕੇ ਉਨ੍ਹਾਂ ਦਾ ਹੌਸਲਾ ਵਧਾ ਸਕਦੀ ਹੈ, ਕਿਉਂਕਿ ਉਨ੍ਹਾਂ ਨੇ ਸਿੱਧੂ ਨੂੰ ਜੇਲ੍ਹ ਜਾਣ ਤੋਂ ਪਹਿਲਾਂ ਤਾਕਤਵਰ ਹੋਕੇ ਮੁਕਾਬਲਾ ਕਰਨ ਅਤੇ ਜੇਲ੍ਹ ਜਾਣ ਲਈ ਕਿਹਾ ਸੀ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਰਾਹੁਲ ਗਾਂਧੀ ਵਿਦੇਸ਼ ‘ਚ ਹਨ, ਇਸ ਲਈ ਪ੍ਰਿਅੰਕਾ ਗਾਂਧੀ ਸਿੱਧੂ ਨੂੰ ਮਿਲਣ ਲਈ ਕਿਸੇ ਵੀ ਸਮੇਂ ਆ ਸਕਦੀ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ 24 ਮਈ ਨੂੰ ਪਟਿਆਲਾ ਜੇਲ੍ਹ ‘ਚ ਨਵਜੋਤ ਸਿੱਧੂ ਨਾਲ ਮੁਲਾਕਾਤ ਕਰ ਸਕਦੇ ਹਨ।
ਪਤਾ ਲੱਗਾ ਹੈ ਕਿ ਜੇਲ੍ਹ ਮੈਨੂਅਲ ਮੁਤਾਬਕ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਸਿੱਧੂ ਨਾਲ ਮੁਲਾਕਾਤ ਹੋ ਸਕਦੀ ਹੈ, ਜਿਸ ਕਾਰਨ ਕਾਂਗਰਸ ਦੇ ਕਈ ਹੋਰ ਵੱਡੇ ਆਗੂ ਵੀ ਸਿੱਧੂ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਜੇਲ੍ਹ ਆ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਜੇਲ੍ਹ ‘ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ 23 ਮਈ ਨੂੰ ਸੁਣਵਾਈ ਹੋਣੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ ਬਿਕਰਮ ਮਜੀਠੀਆ ਨੂੰ ਰਾਹਤ ਦਿੰਦੀ ਹੈ ਜਾਂ ਫਿਰ ਉਹ ਕੁਝ ਦਿਨ ਹੋਰ ਜੇਲ੍ਹ ‘ਚ ਹੀ ਰਹਿਣਗੇ। ਜੇਲ੍ਹ ਵਿੱਚ ਬੰਦ ਦੋਵਾਂ ਆਗੂਆਂ ਵਿੱਚ ਕੁਝ ਦੂਰੀ ਦੱਸੀ ਜਾ ਰਹੀ ਹੈ।