WORLD
ਅਮਰੀਕਾ ਫਿਰ ਬੋਲਿਆ ਭਾਰਤ ਦੇ ਅੰਦਰੂਨੀ ਮਾਮਲਿਆਂ ‘ਤੇ
28 ਮਾਰਚ 2024: ਅਮਰੀਕਾ ਨੇ ਇਕ ਵਾਰ ਫਿਰ ਭਾਰਤ ਦੇ ਅੰਦਰੂਨੀ ਮਾਮਲਿਆਂ ‘ਤੇ ਟਿੱਪਣੀ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਉਹ ਇਸ ਮੁੱਦੇ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਦੇ ਹਨ। ਇਸ ਦੌਰਾਨ ਉਨ੍ਹਾਂ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰਨ ਦਾ ਮੁੱਦਾ ਵੀ ਉਠਾਇਆ।
ਮਿਲਰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਉਨ੍ਹਾਂ ਤੋਂ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਕਾਂਗਰਸ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ‘ਤੇ ਉਨ੍ਹਾਂ ਦੀਆਂ ਟਿੱਪਣੀਆਂ ‘ਤੇ ਭਾਰਤ ਵੱਲੋਂ ਅਮਰੀਕੀ ਡਿਪਲੋਮੈਟ ਨੂੰ ਤਲਬ ਕੀਤੇ ਜਾਣ ‘ਤੇ ਉਨ੍ਹਾਂ ਦੀ ਪ੍ਰਤੀਕਿਰਿਆ ਬਾਰੇ ਪੁੱਛਿਆ ਗਿਆ ਸੀ। ਜਿਸ ਦੇ ਜਵਾਬ ‘ਚ ਉਨ੍ਹਾਂ ਕਿਹਾ ਹੈ ਕਿ ਉਹ ਇਨ੍ਹਾਂ ਸਾਰੀਆਂ ਘਟਨਾਵਾਂ ‘ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਨ। ਹਾਲਾਂਕਿ ਇਸ ਦੌਰਾਨ ਉਨ੍ਹਾਂ ਕੋਈ ਵੀ ਨਿੱਜੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਅਸੀਂ ਜੋ ਵੀ ਕਿਹਾ ਹੈ ਉਹ ਜਨਤਕ ਬਿਆਨ ਹੈ।
ਉਹੀ ਗੱਲ ਦੁਬਾਰਾ ਆਖਦੇ ਹੋਏ, ਅਸੀਂ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਦੇ ਹਾਂ। ਇਸ ‘ਤੇ ਕਿਸੇ ਨੂੰ ਕੋਈ ਇਤਰਾਜ਼ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਭਾਰਤ ਨੇ ਦੇਸ਼ ‘ਚ ਹੋਈਆਂ ਕੁਝ ਕਾਨੂੰਨੀ ਕਾਰਵਾਈਆਂ ਨੂੰ ਲੈ ਕੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਦੀ ਟਿੱਪਣੀ ‘ਤੇ ਸਖਤ ਇਤਰਾਜ਼ ਪ੍ਰਗਟਾਇਆ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਦੇਸ਼ ਦੀ ਕਾਨੂੰਨੀ ਪ੍ਰਣਾਲੀ ਦਾ ਬਚਾਅ ਕਰਦੇ ਹੋਏ ਕਿਹਾ ਸੀ ਕਿ ਅਸੀਂ ਕਾਨੂੰਨ ਦੀ ਆਜ਼ਾਦੀ ‘ਤੇ ਜ਼ੋਰ ਦਿੰਦੇ ਹਾਂ।