Punjab
ਆਂਗਣਵਾੜੀ ਵਰਕਰਾਂ ਨੂੰ ਤੇਜ਼ੀ ਨਾਲ ਸਿੱਧਾ ਬੈਂਕ ਖਾਤਿਆਂ ‘ਚ ਮਿਲੇਗਾ ਭੱਤਾ: ਡਾ. ਬਲਜੀਤ ਕੌਰ
ਚੰਡੀਗੜ੍ਹ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵੱਖ ਵੱਖ ਵਰਗਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਲਾਭਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਕਮਿਊਨਿਟੀ ਬੇਸਡ ਈਵੈਂਟ ਸਕੀਮ’ ਅਧੀਨ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੂੰ ਮਿਲਣ ਵਾਲਾ ਭੱਤਾ ਜਿਹੜਾ ਕਿ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰਾਂ ਰਾਹੀਂ ਆਂਗਣਵਾੜੀ ਵਰਕਰਾਂ ਨੂੰ ਮਿਲਦਾ ਸੀ, ਨੂੰ ਕਈ ਵਾਰ ਆਂਗਣਵਾੜੀ ਵਰਕਰਾਂ ਤੱਕ ਪਹੁੰਚਾਉਣ ਵਿਚ ਦੇਰੀ ਹੋ ਜਾਂਦੀ ਸੀ।
ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਹੁਣ ਇਹ ਭੱਤਾ ਹੋਰ ਤੇਜ਼ੀ ਨਾਲ ਸਿੱਧੇ ਤੌਰ ‘ਤੇ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ਵਿਚ ਭੇਜਿਆ ਜਾਵੇਗਾ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਯੂਨੀਅਨਾਂ ਦੀ ਵੀ ਇਹ ਮੁੱਖ ਮੰਗ ਸੀ, ਜਿਸ ‘ਤੇ ਵਿਚਾਰ ਕਰਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਗਰਭਪਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਸਹਾਇਤਾ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਇਸ ਸਕੀਮ ਤਹਿਤ ਮਿਲਣ ਵਾਲੀ ਸਹਾਇਤਾ ਰਾਸ਼ੀ ਵੀ ਸਮਾਂਬੱਧ ਤਰੀਕੇ ਨਾਲ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ। ਇਸ ਫੈਸਲੇ ਨਾਲ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਵਿਚ ਆਸਾਨੀ ਹੋਵੇਗੀ ਅਤੇ ਇਹ ਲਾਭ ਪਾਰਦਰਸ਼ੀ ਢੰਗ ਨਾਲ ਅਤੇ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇਗਾ।