Punjab
ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ

ਵੱਡੀ ਖ਼ਬਰ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਮ੍ਰਿਤਕ ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਅੰਮ੍ਰਿਤਸਰ ਦੇ ਪਿੰਡ ਕੱਕੜ ਦਾ ਰਹਿਣ ਵਾਲਾ ਸੀ। ਇਹ ਕਿਸਾਨ 2 ਏਕੜ ਜ਼ਮੀਨ ਦਾ ਮਾਲਕ ਸੀ।
ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫ਼ਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਇਸ ਦੇ ਨਾਲ ਹੀ 11 ਤੋਂ 13 ਫ਼ਰਵਰੀ ਤੱਕ ਹੋਣ ਵਾਲੀਆਂ ਤਿੰਨ ਕਿਸਾਨ ਮਹਾਪੰਚਾਇਤਾਂ ਨੂੰ ਸਫ਼ਲ ਬਣਾਉਣ ਲਈ ਕਿਸਾਨ ਆਗੂ ਪੂਰੀ ਰਣਨੀਤੀ ਬਣਾਉਣ ‘ਚ ਲੱਗੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 66ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੇ ਦਿਨ ਪਰਗਟ ਸਿੰਘ ਮੋਰਚੇ ‘ਚ ਆਇਆ ਸੀ ਅਤੇ ਉਸ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਇਸ ਮੌਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਹੋਰ ਕਿੰਨੀਆਂ ਜਾਨਾਂ ਲਵੇਗੀ ਅਤੇ ਕਿੰਨੇ ਕਿਸਾਨ ਸ਼ਹੀਦ ਕਰਵਾਏਗੀ। ਪੰਧੇਰ ਨੇ ਦੱਸਿਆ ਕਿ ਮੋਰਚੇ ‘ਚ ਹੁਣ ਤੱਕ 40 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ।