Punjab
ਸਹਿਕਾਰੀ ਸਭਾਵਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਚਲਾਈ ਜਾਗਰੂਕਤਾ ਮੁਹਿੰਮ
ਪਟਿਆਲਾ:
ਪਟਿਆਲਾ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸਹੀ ਨਿਪਟਾਰੇ ਸਬੰਧੀ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕਰਨ ਦੇ ਮਕਸਦ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਹਿਕਾਰੀ ਸਭਾ ਗਾਜੇਵਾਸ, ਗੁਲਜਾਰਪੁਰਾ ਅਤੇ ਲੰਗ ਵਿਖੇ ਕੈਂਪ ਲਗਾਏ ਗਏ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਹਿਕਾਰੀ ਸਭਾਵਾਂ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਮਾਹਿਰਾਂ ਵਲੋਂ ਜਿੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉਥੇ ਖੇਤੀਬਾੜੀ ਮਸ਼ੀਨਰੀ ਦੀ ਤਕਨੀਕੀ ਜਾਣਕਾਰੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦੀ ਅਪੀਲ ਵੀ ਕੀਤੀ।
ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਕਜੁੱਟਤਾ ਨਾਲ ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਮਾਹਿਰਾਂ ਵੱਲੋਂ ਇਸ ਦੇ ਨਿਪਟਾਰੇ ਲਈ ਦਿੱਤੇ ਜਾ ਰਹੇ ਸੁਝਾਵਾਂ ‘ਤੇ ਅਮਲ ਕੀਤਾ ਜਾਵੇ।
ਕਿਸਾਨ ਜਾਗਰੂਕਤਾ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਮਸ਼ੀਨਰੀ ‘ਤੇ ਦਿੱਤੀ ਜਾਂਦੀ ਸਬਸਿਡੀ ਅਤੇ ਹੋਰ ਨਵੀਨਤਮ ਤਕਨੀਕਾਂ ਵਾਲੀ ਮਸ਼ੀਨਰੀ ਸਬੰਧੀ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਵਾਤਾਵਰਣ ਦੇ ਨੁਕਸਾਨ ਸਬੰਧੀ ਵੀ ਸੁਚੇਤ ਕੀਤਾ ਜਾ ਰਿਹਾ ਹੈ।
ਡਿਪਟੀ ਰਜਿਸਟਰਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ 5 ਸਤੰਬਰ ਨੂੰ ਸਹਿਕਾਰੀ ਸਭਾ ਦੇਵੀਗੜ੍ਹ, ਘਨੌਰ, ਦੁਲੱਦੀ, ਬੁਜਰਕ ਤੇ ਪਾਤੜਾਂ ਵਿਖੇ ਕੈਂਪ ਲਗਾਏ ਜਾਣਗੇ ਤੇ 6 ਸਤੰਬਰ ਨੂੰ ਖੇੜੀਮਾਨੀਆਂ, ਸ਼ੰਭੂ ਕਲਾਂ ਤੇ ਮੰਡੌਰ ਵਿਖੇ ਅਤੇ 7 ਸਤੰਬਰ ਨੂੰ ਬਰਸਟ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਜਾਣਗੇ।