Punjab
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਜਾਗਰੂਕਤਾ ਪ੍ਰੋਗਰਾਮ

ਪਟਿਆਲਾ:
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਪਿੰਡ ਖੇੜੀ ਮਾਨੀਆ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ।
ਜਾਗਰੂਕਤਾ ਪ੍ਰੋਗਰਾਮ ਦੌਰਾਨ ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ ਡਾ. ਗੁਰਨਾਜ਼ ਸਿੰਘ ਗਿੱਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ ਅਤੇਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ। ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ. ਰਚਨਾ ਸਿੰਗਲਾ ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਰਾਲੀ ਦੀ ਵਰਤੋਂ ਖੂੰਬਾ ਦੀ ਕਾਸ਼ਤ ਕਰਨ ਸਮੇਤ ਬੂਟਿਆਂ ਨੂੰ ਸਰਦੀ ਤੋਂ ਬਚਾਉਣ ਲਈ ਵੀ ਕੀਤੀ ਜਾ ਸਕਦੀ ਹੈ ਤੇ ਇਸ ਦੀ ਖਾਦ ਬਣਾ ਕੇ ਬੂਟਿਆਂ ਲਈ ਵਰਤੀ ਜਾ ਸਕਦੀ ਹੈ।
ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫ਼ਸਲ ਵਿਗਿਆਨੀ ਡਾ. ਮਨਪ੍ਰੀਤ ਸਿੰਘ ਨੇ ਪਰਾਲੀ ਸੰਭਾਲਣ ਦੇ ਫ਼ਸਲੀ ਢੰਗ ਬਾਰੇ ਜਾਣਕਾਰੀ ਦਿੱਤੀ। ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਸਾਇੰਸਦਾਨਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਸੁਆਲ-ਜੁਆਬ ਦਾ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿਚ ਡਾ. ਗੁਰਨਾਜ਼ ਸਿੰਘ ਗਿੱਲ ਨੇ ਕਣਕ ਦੀ ਬਿਜਾਈ ਸਮੇਂ ਹੋਣ ਵਾਲੀਆਂ ਅਣਗਹਿਲੀਆਂ ਬਾਰੇ ਦੱਸਿਆ ਅਤੇ ਫ਼ਸਲ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਸਮੇਂ ਰਹਿੰਦੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।