Punjab
ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ‘ਤੇ ਲੱਗਿਆ Ban
ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 8 ਖਾਸ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਰਅਸਲ ਕੁੱਝ ਦਿਨ ਪਹਿਲਾਂ Coldrif ਬੈਨ ਲੱਗਿਆ ਤੇ ਹੁਣ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਪਾਬੰਦੀ ਲਗਾਈ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਇਹ ਹੁਕਮ ਜਾਰੀ ਕੀਤਾ ਹੈ। ਇਹ ਫੈਸਲਾ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਬਾਅਦ ਐਡਵਰਸ ਰਿਐਕਸ਼ ਸਾਹਮਣੇ ਆਉਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਬੈਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕਫ ਦੀ ਦਵਾਈ ਖਾਣ ਨਾਲ 20 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਅਤੇ ਸੂਬੇ ਵਿੱਚ ਕੋਲਡਰਿਫ ਕਫ ਦੀ ਦਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਦਵਾਈਆਂ ਦੀ ਵਰਤੋਂ ਕਰਨ ਵਾਲੇ ਕਈ ਮਰੀਜ਼ਾਂ ਨੂੰ ਗੰਭੀਰ ਸਿਹਤ ਸਮੱਸਿਆਵਾਂ ਹੋ ਗਈਆਂ ਹਨ ਜੋ ਜਾਨਲੇਵਾ ਹੋ ਸਕਦੀਆਂ ਹਨ। ਇਸ ਲਈ, ਜਨਤਕ ਸੁਰੱਖਿਆ ਨੂੰ ਤਰਜੀਹ ਦੇਣ ਲਈ ਇਹ ਕਦਮ ਜ਼ਰੂਰੀ ਸਮਝਿਆ ਗਿਆ ਸੀ।
ਮਿਲਾਵਟੀ ਦਵਾਈ ਵੇਚਣ ‘ਤੇ ਉਮਰ ਕੈਦ ਤੱਕ ਦੀ ਸਜ਼ਾ
ਭਾਰਤ ਵਿੱਚ ਮਿਲਾਵਟੀ ਜਾਂ ਪਾਬੰਦੀਸ਼ੁਦਾ ਕਫ ਦੀ ਦਵਾਈ ਵੇਚਣਾ ਇੱਕ ਗੰਭੀਰ ਅਪਰਾਧ ਮੰਨਿਆ ਜਾਂਦਾ ਹੈ। ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940 ਦੀ ਧਾਰਾ 27(ਏ) ਦੇ ਤਹਿਤ, ਜੋ ਵੀ ਵਿਅਕਤੀ ਮਿਲਾਵਟੀ ਦਵਾਈ ਦੇ ਕੇ ਮੌਤ ਦਾ ਕਾਰਨ ਬਣਦਾ ਹੈ, ਉਸ ਨੂੰ ਘੱਟੋ-ਘੱਟ 10 ਸਾਲ ਜਾਂ ਉਮਰ ਕੈਦ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਭਾਰਤੀ ਦੰਡ ਸੰਹਿਤਾ ਇਹ ਵੀ ਪ੍ਰਦਾਨ ਕਰਦੀ ਹੈ ਕਿ ਜੋ ਵੀ ਵਿਅਕਤੀ ਮਿਲਾਵਟੀ ਦਵਾਈ ਵੇਚਦਾ ਹੈ ਜਾਂ ਵੰਡ ਵਿੱਚ ਸ਼ਾਮਲ ਹੈ, ਉਸ ਨੂੰ ਇੱਕ ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਦਿੱਤੀ ਜਾ ਸਕਦੀ ਹੈ।
