National
ਬੀਬੀਸੀ ਡਾਕੂਮੈਂਟਰੀ ਵਿਵਾਦ : ਜਾਮੀਆ ਚ ਕਈਂ ਵਿਦਿਆਰਥੀ ਹਿਰਾਸਤ ’ਚ

ਵਿਦਿਆਰਥੀ ਸੰਗਠਨ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐੱਸ.ਐੱਫ.ਆਈ.) ਨੇ ਬੁੱਧਵਾਰ ਦਾਅਵਾ ਕੀਤਾ ਕਿ ਦਿੱਲੀ ਪੁਲਸ ਨੇ ਅਜਿਹੇ 70 ਵਿਦਿਆਰਥੀਆਂ ਨੂੰ ਹਿਰਾਸਤ ’ਚ ਲੈ ਲਿਆ ਹੈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀ.ਬੀ.ਸੀ. ਦੀ ਬਣੀ ਵਿਵਾਦਤ ਦਸਤਾਵੇਜ਼ੀ ਫਿਲਮ ਦੀ ਸਕ੍ਰੀਨਿੰਗ ਦਾ ਐਲਾਨ ਕਰਨ ਤੋਂ ਬਾਅਦ ਚਾਰ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਨ ਲਈ ਜਾਮੀਆ ਮਿਲੀਆ ਇਸਲਾਮੀਆ ਵਿਖੇ ਇਕੱਠੇ ਹੋਏ ਸਨ।
ਜਾਣਕਾਰੀ ਮੁਤਾਬਿਕ ਲੈਫਟ ਵਿਦਿਆਰਥੀ ਸੰਗਠਨ ਐਸਐਫਆਈ (ਸਟੂਡੈਂਟ ਫੈਡਰੇਸ਼ਨ ਆਫ ਇੰਡੀਆ) ਨੇ ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਬੀਬੀਸੀ ਦੀ ਡਾਕੂਮੈਂਟਰੀ ‘ਦਿ ਮੋਦੀ ਸਵਾਲ’ ਦੀ ਸਕ੍ਰੀਨਿੰਗ ਦਾ ਐਲਾਨ ਕੀਤਾ ਸੀ। ਕੇਂਦਰ ਸਰਕਾਰ ਇਸ ਡਾਕੂਮੈਂਟਰੀ ‘ਤੇ ਪਹਿਲਾਂ ਹੀ ਪਾਬੰਦੀ ਲਗਾ ਚੁੱਕੀ ਹੈ। ਸਕਰੀਨਿੰਗ ਨੂੰ ਲੈ ਕੇ ਕੈਂਪਸ ‘ਚ ਕਾਫੀ ਹੰਗਾਮਾ ਹੋਇਆ। ਉਥੇ ਹੀ ਇਸ ਮਾਮਲੇ ‘ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਕੈਂਪਸ ‘ਚ ਅਗਾਊਂ ਇਜਾਜ਼ਤ ਤੋਂ ਬਿਨਾਂ ਕੋਈ ਫਿਲਮ ਨਹੀਂ ਲੱਗਣ ਦਿੱਤੀ ਜਾਵੇਗੀ। ਫਿਰ ਵੀ ਜੇਕਰ ਗੱਲ ਨਾ ਮੰਨੀ ਗਈ ਤਾਂ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਵਾਈਸ ਚਾਂਸਲਰ ਨਜਮਾ ਅਖਤਰ ਨੇ ਕਿਹਾ ਕਿ ਵਿਦਿਆਰਥੀ ਸੰਗਠਨ ਐਸਐਫਆਈ ਕੈਂਪਸ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ
ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਸ ਤਾਇਨਾਤ ਕਰ ਦਿੱਤੀ ਗਈ ਸੀ । ਗੇਟ ’ਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਸਨ । ਇਸ ਤੋਂ ਬਾਅਦ ਦਿੱਲੀ ਪੁਲਿਸ ਨੇ SFI ਦੇ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।