Punjab
ਬਹਿਬਲ ਕਲਾਂ ਗੋਲੀਕਾਂਡ, ਪੀੜਤਾਂ ਨੇ ਸਰਕਾਰ ‘ਤੇ ਲਗਾਇਆ ਦੋਸ਼ ਕਿ ਅੰਤਿਮ ਚਲਾਨ ਨਹੀਂ ਕਰ ਪੇਸ਼
ਬੇਅਦਬੀ ਮਾਮਲਿਆਂ ਨਾਲ ਸਬੰਧਤ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੇ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅੰਤਿਮ ਚਲਾਨ ਪੇਸ਼ ਨਹੀਂ ਕਰ ਰਹੀ, ਜਿਸ ਕਾਰਨ ਇਹ ਕੇਸ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਐੱਸ.ਆਈ.ਟੀ. ਕੋਟਕਪੂਰਾ ਗੋਲੀਕਾਂਡ ਦਾ ਚਲਾਨ ਪੇਸ਼ ਹੋ ਚੁੱਕਾ ਹੈ ਪਰ ਬਹਿਬਲ ਕਲਾਂ ਗੋਲੀਕਾਂਡ ਦਾ ਅੰਤਿਮ ਚਲਾਨ ਨਹੀਂ ਆਇਆ। ਹਾਈਕੋਰਟ ਦੇ ਹੁਕਮਾਂ ਅਨੁਸਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਇਕੱਠੇ ਅਤੇ ਇੱਕੋ ਜੱਜ ਵੱਲੋਂ ਕੀਤੀ ਜਾਵੇ, ਇਸ ਲਈ ਬਿਨਾਂ ਸੁਣਵਾਈ ਤੋਂ ਚਲਾਨ ਨਹੀਂ ਹੋਵੇਗਾ।
ਸੁਖਰਾਜ ਸਿੰਘ ਨੇ ਕਿਹਾ ਕਿ ਉਹ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਇੱਕ ਸਾਲ ਤੋਂ ਧਰਨੇ ‘ਤੇ ਬੈਠੇ ਹਨ। ਇਸ ਦੇ ਬਾਵਜੂਦ ਸਰਕਾਰ ਜਾਂਚ ਵਿੱਚ ਉਤਸ਼ਾਹ ਨਹੀਂ ਦਿਖਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਚਲਾਨ ਪੇਸ਼ ਕਰਨ ਦੀ ਪ੍ਰਕਿਰਿਆ ਤੇਜ਼ ਨਾ ਕੀਤੀ ਤਾਂ ਉਹ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਦੋ ਗਵਾਹਾਂ ਦੀ ਵੀ ਕੇਸ ਲੰਬਿਤ ਹੋਣ ਕਾਰਨ ਮੌਤ ਹੋ ਚੁੱਕੀ ਹੈ। ਬਹਿਬਲ ਕਲਾਂ ਗੋਲੀਕਾਂਡ ‘ਚ 3 ਸਾਲ ਪਹਿਲਾਂ 7 ਦੋਸ਼ੀਆਂ ਖਿਲਾਫ ਚਲਾਨ ਪੇਸ਼ ਕੀਤਾ ਗਿਆ ਸੀ। ਜਾਂਚ ਟੀਮ ਇਸ ਮਾਮਲੇ ਵਿੱਚ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕਰਨਾ ਚਾਹੁੰਦੀ ਹੈ। ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਆਈ.ਜੀ. ਨੌਨਿਹਾਲ ਸਿੰਘ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ।