Connect with us

Punjab

CM ਭਗਵੰਤ ਮਾਨ ਨੇ ਕੀਤਾ ਐਲਾਨ, ‘ਭਗਤ ਕਬੀਰ ਧਾਮ’ ਦੀ ਕੀਤੀ ਜਾਵੇਗੀ ਸਥਾਪਨਾ

Published

on

HOSHIARPUR : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ।
ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ ‘ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ।
ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਸਹੀ ਮਾਅਨਿਆਂ ‘ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜਿਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਸਦਭਾਵਨਾ ਦਾ ਸਦੀਵੀ ਸੰਦੇਸ਼ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਦਾ ਮੁਢਲਾ ਜੀਵਨ ਇੱਕ ਮੁਸਲਿਮ ਪਰਿਵਾਰ ਵਿੱਚ ਬੀਤਿਆ ਸੀ ਪਰ ਉਹ ਹਿੰਦੂ ਸੰਤ ਰਾਮਾਨੰਦ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉੱਤੇ ਡੂੰਘਾ ਪ੍ਰਭਾਵ ਪਿਆ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਅਤੇ ਡਾ. ਰਵਜੋਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।

CM ਨੇ ਅਪੀਲ ਕਰਦਿਆਂ ਕੀ ਕਿਹਾ….

ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਆਪਣੀਆਂ ਆਸਾਂ ਨੂੰ ਪੂਰਾ ਕਰ ਸਕਣ।

ਭਗਵੰਤ ਮਾਨ ਨੇ ਭਗਤ ਕਬੀਰ ਜੀ ਦੇ ਜਨਮ ਦਿਵਸ ਮੌਕੇ ਕੀਤੀਆਂ ਇਹ ਗੱਲਾਂ..

  • ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।
  • ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।
  • ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਾਡੀਆਂ ਕੋਸ਼ਿਸ਼ਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣ ਲੱਗਾ ਹੈ ਕਿਉਂਕਿ ਇਸ ਵਾਰ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ।
  • ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ।
  •  ਵਿਰੋਧੀ ਧਿਰ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਹਿਤੈਸ਼ੀ ਅਤੇ ਵਿਕਾਸ ਪੱਖੀ ਰੁਖ਼ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀ ਆਲੋਚਨਾ ਬੇਤੁੱਕੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀਆਂ ਦੀ ਇਹ ਚਾਲਾਂ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕ ਨਹੀਂ ਸਕਣਗੀਆਂ।
  • ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਕਰੇਗੀ ਤਾਂ ਕਿ ਨੌਜਵਾਨਾਂ ਵਿੱਚ ਸਾਕਾਰਾਤਮਕ ਊਰਜਾ ਭਰੀ ਜਾ ਸਕੇ।
  • ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

(Report – Sunil Kataria, Senior Journalist, World Punjabi TV)