Punjab
ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਤੇ ਸਾਫ਼ ਸਫ਼ਾਈ ਦੀ ਸਹੂਲਤ ਦੇਣ ਲਈ ਵਚਨਬੱਧ

ਚੰਡੀਗੜ੍ਹ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਅੱਜ ਏਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਇੱਕ ਜਾਇਜ਼ਾ ਮੀਟਿੰਗ ਦੌਰਾਨ ਜਲ ਸਪਲਾਈ ਮੰਤਰੀ ਬ੍ਰਹ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਲੰਬਿਤ ਪਏ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਵਿੱਚ ਕੋਈ ਵੀ ਦੇਰੀ ਨਾ ਹੋਵੇ।
ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਅਤੇ ਮਿਆਰੀ ਸਹੂਲਤਾਂ ਦੇਣ ਲਈ ਪਾਬੰਦ ਹੈ। ਇਸ ਕਰਕੇ ਕਿਸੇ ਵੀ ਪ੍ਰੋਜੈਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਸਬੰਧੀ ਸਾਰੇ ਮਾਪਦੰਡਾਂ ਨੂੰ ਅਪਨਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਦੇ ਮਿਆਰ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਸੂਬੇ ਦੇ ਸਾਰੇ ਪਿੰਡਾਂ ਨੂੰ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਸਬੰਧੀ ਪ੍ਰੋਜੈਕਟ ਨੂੰ ਵੀ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੇ ਸ੍ਰੀ ਜਿੰਪਾ ਨੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਜਿੰਪਾ ਨੇ ਵਿਭਾਗ ਦੀਆਂ ਹੋਰ ਕੁੱਝ ਹੋਰ ਜਾਇਜ਼ਾ ਮੀਟਿੰਗਾਂ ਕਰਨ ਤੋਂ ਇਲਾਵਾਂ ਵੱਖ ਵੱਖ ਯੂਨੀਅਨਾਂ ਨਾਲ ਵੀ ਮੀਟਿੰਗਾਂ ਕੀਤੀਆਂ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੀ ਹਾਜ਼ਰ ਸਨ।