Connect with us

Punjab

ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

Published

on

ਪਟਿਆਲਾ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰ ਸਿੰਘ ਨੇ ਦੱਸਿਆ ਕਿ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ।

ਉਨ੍ਹਾਂ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤੇ ਕੀਟਨਾਸ਼ਕ ਵਿਕਰੇਤਾਵਾਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ‘ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ ਤੇ ਹੁਣ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।