Punjab
ਪੰਜਾਬ ‘ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ
ਪੰਜਾਬ ‘ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਰੋਡਵੇਜ਼, PRTC ਅਤੇ ਪਨਬਸ ਠੇਕਾ ਕਾਮਿਆਂ ਵੱਲੋਂ ਅੱਜ ਚੱਕਾ ਜਾਮ ਕੀਤਾ ਜਾ ਰਿਹਾ ਹੈ। ਪੰਜਾਬ ਰੋਡਵੇਜ਼, ਪਨਬੱਸ, PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ ‘ਚ ਪੰਜਾਬ ਭਰ ‘ਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਹੜਤਾਲ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਪ੍ਰਾਈਵੇਟ ਬੱਸਾਂ ਭਾਵ ਕਿਲੋਮੀਟਰ ਸਕੀਮ ਬੱਸਾਂ ਪਾਉਣ ਲਈ ਟੈਂਡਰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਜਥੇਬੰਦੀ ਵੱਲੋਂ ਸਖਤ ਵਿਰੋਧ ਹੈ, ਕਿਉਂਕਿ ਸਰਕਾਰ ਅਤੇ ਮੈਨੇਜਮੈਂਟ ਨੂੰ ਲਿਖਤੀ ਰੂਪ ਵਿੱਚ ਅਤੇ ਜ਼ੁਬਾਨੀ ਤੌਰ ‘ਤੇ ਇਨ੍ਹਾਂ ਬੱਸਾਂ ਕਾਰਨ ਪੈਣ ਵਾਲੇ ਘਾਟੇ ਅਤੇ ਇਨ੍ਹਾਂ ਕਿਲੋਮੀਟਰ ਸਕੀਮ ਬੱਸਾਂ ਦੀ ਥਾਂ ‘ਤੇ ਸਰਕਾਰੀ ਬੱਸਾਂ ਪਾਉਣ ਲਈ ਹਰ ਤਰ੍ਹਾਂ ਦੇ ਤਰਕ ਦਿੱਤੇ ਜਾ ਚੁੱਕੇ ਹਨ ਪਰ ਮੈਨੇਜਮੈਂਟ ਵੱਲੋਂ ਪ੍ਰਾਈਵੇਟ ਬੱਸਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਵਾਉਣ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਠੇਕੇਦਾਰ ਵਿਚੋਲੀਏ ਬਾਹਰ ਕੱਢਣ, ਸੇਵਾ ਨਿਯਮ ਨੂੰ ਲਾਗੂ ਕਰਵਾਉਣ ਲਈ ਅਤੇ ਸਾਰੀਆਂ ਮੰਗਾਂ ਦਾ ਸਰਕਾਰ ਪਾਸੋਂ ਹੱਲ ਕਰਵਾਉਣ ਲਈ ਅੱਜ ਠੀਕ 12-00 ਵਜੇ ਤੋਂ ਪਨਬੱਸ ਅਤੇ ਪੀਆਰਟੀਸੀ ਬੱਸਾਂ ਦਾ ਮੁਕੰਬਲ ਚੱਕਾ ਜਾਮ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ।
