Punjab
ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਵੱਡੀ ਖਬਰ, 8 ਸਾਲਾਂ ਬਾਅਦ ਸ਼ੁਰੂ ਹੋ ਸਕਦੀ ਹੈ ਸੁਣਵਾਈ

ਫਰੀਦਕੋਟ 5 ਨਵੰਬਰ 2023 : ਕਰੀਬ 8 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਸਾਲ 2015 ਵਿੱਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਕੇਸ ਦੀ ਸੁਣਵਾਈ ਕਰ ਰਹੇ ਜੁਡੀਸ਼ੀਅਲ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਨੇ ਮੁਲਜ਼ਮਾਂ ਵੱਲੋਂ ਦਿੱਤੀ ਅਰਜ਼ੀ ’ਤੇ ਫੈਸਲਾ ਸੁਣਾਉਂਦਿਆਂ ਕੇਸ ਸੈਸ਼ਨ ਜੱਜ ਦੀ ਅਦਾਲਤ ਵਿੱਚ ਭੇਜ ਦਿੱਤਾ ਅਤੇ ਸਾਰੇ ਮੁਲਜ਼ਮਾਂ ਨੂੰ 21 ਨਵੰਬਰ ਨੂੰ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ ਹੋਣ ਦੀ ਹਦਾਇਤ ਕੀਤੀ।
ਹਾਲ ਹੀ ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਦਾਲਤ ‘ਚ ਨਿੱਜੀ ਤੌਰ ‘ਤੇ ਪੇਸ਼ ਹੋਏ, ਜਦਕਿ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਆਈਪੀ ਪਰਮਰਾਜ ਸਿੰਘ ਉਮਰਾਨੰਗਲ, ਜੋ ਕਿ ਬਰਖਾਸਤ ਹਨ, ਗੁਰਦੀਪ ਸਿੰਘ ਪੰਧੇਰ, ਸਾਬਕਾ ਐੱਸ. ਥਾਣਾ ਸਿਟੀ ਕੋਟਕਪੂਰਾ ਦੇ ਐਸ.ਐਚ.ਓ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਏ। ਜਿਨ੍ਹਾਂ ਨੇ ਮਾਨਯੋਗ ਅਦਾਲਤ ‘ਚ ਹਾਜ਼ਰੀ ਤੋਂ ਛੋਟ ਲਈ ਆਪਣੀਆਂ ਦਰਖਾਸਤਾਂ ਪੇਸ਼ ਕੀਤੀਆਂ ਅਤੇ ਅਦਾਲਤ ਨੇ ਉਨ੍ਹਾਂ ਨੂੰ ਹਾਜ਼ਰੀ ਤੋਂ ਛੋਟ ਦਿੰਦਿਆਂ 21 ਨਵੰਬਰ ਨੂੰ ਸੈਸ਼ਨ ਜੱਜ ਦੀ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ |