Punjab
BREAKING NEWS: ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ, ਫਾਂਸੀ ਦੀ ਸਜ਼ਾ ਬਦਲਣ ਤੋਂ ਕੀਤਾ ਇਨਕਾਰ
ਬੇਅੰਤ ਸਿੰਘ ਕਤਲ ਕਾਂਡ ‘ਚ ਬਲਵੰਤ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਦੇ ਕਤਲ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਤੋਂ ਇਨਕਾਰ ਕਰ ਦਿੱਤਾ। ਰਾਜੋਆਣਾ ਪਿਛਲੇ 26 ਸਾਲਾਂ ਤੋਂ ਜੇਲ੍ਹ ਵਿੱਚ ਹੈ।
ਜਸਟਿਸ ਬੀਆਰ ਗਵਈ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ ਕਿਹਾ ਕਿ ਸਮਰੱਥ ਅਧਿਕਾਰੀ ਦੋਸ਼ੀ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਕਰੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਕੇ ਐੱਮ ਨਟਰਾਜ ਦੀਆਂ ਦਲੀਲਾਂ ਸੁਣਨ ਤੋਂ ਬਾਅਦ 2 ਮਾਰਚ ਨੂੰ ਦੋਸ਼ੀ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਰਾਜੋਆਣਾ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਸੀ ਅਤੇ ਉਸ ਨੂੰ 31 ਅਗਸਤ 1995 ਨੂੰ ਪੰਜਾਬ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਘਟਨਾ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਮਾਰੇ ਗਏ ਸਨ। ਰਾਜੋਆਣਾ ਨੂੰ ਜੁਲਾਈ 2007 ਵਿੱਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।