Punjab
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਅੱਜ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋਣਗੇ। ਦੱਸ ਦੇਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ 5 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ। ਇਹ ਫੈਸਲਾ ਹਾਲ ਹੀ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਇੰਚਾਰਜ ਨੇ ਤਰੁਣਪ੍ਰੀਤ ਸਿੰਘ ਸੋਂਦ ਨੂੰ ਮਿਤੀ 5 ਜਨਵਰੀ 2026 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਸਕੱਤਰੇਤ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਬਣਾਈਆਂ ਗਈਆਂ ਕੁਝ ਤਸਵੀਰਾਂ ’ਚ ਸਿੱਖ ਸਿਧਾਂਤਾਂ, ਪਰੰਪਰਾਵਾਂ ਅਤੇ ਮਰਿਆਦਾ ਦੇ ਉਲਟ ਦ੍ਰਿਸ਼ ਦਰਸ਼ਾਏ ਗਏ ਸਨ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜੋੜੇ ਪਾ ਕੇ ਪੰਜ ਪਿਆਰੇ ਸਾਹਿਬਾਨ ਨੂੰ ਅੰਮ੍ਰਿਤਪਾਨ ਕਰਵਾਉਂਦੇ ਹੋਏ ਦਿਖਾਇਆ ਗਿਆ। ਇਸ ਤੋਂ ਇਲਾਵਾ ਇਨ੍ਹਾਂ ਚਿੱਤਰਾਂ ’ਚ ਅੰਮ੍ਰਿਤ ਛਕ ਰਹੇ ਸਿੰਘ ਵੀ ਮਰਿਆਦਾ ਅਨੁਸਾਰ “ਬੀਰ ਆਸਣ” ’ਚ ਨਹੀਂ ਦਿਖਾਏ ਗਏ। ਜਿਸ ਸੰਬੰਧੀ ਮੰਤਰੀ ਸੌਂਦ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
