punjab
ਵਿਧਾਇਕਾਂ ਦੇ ਪੁੱਤਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਵਨ ਟਾਈਮ ਰਿਲੈਕਸੇਸ਼ਨ ਨਾਲ ਦਿੱਤੀ ਨੌਕਰੀ

ਪੰਜਾਬ ਮੰਤਰੀ ਮੰਡਲ ਨੇ ਵਨ ਟਾਈਮ ਰਿਲੈਕਸੈਸ਼ਨ ਨਾਲ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਵਿਚ ਐਡਜਸਟ ਕਰ ਦਿੱਤਾ ਹੈ। ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜਨ ਪ੍ਰਤਾਪ ਸਿੰਘ ਬਾਜਵਾ ਹੁਣ ਪੰਜਾਬ ਪੁਲਸ ਵਿਚ ਇੰਸਪੈਕਟਰ ਦੇ ਅਹੁਦੇ ’ਤੇ ਤਾਇਨਾਤ ਹੋਣਗੇ, ਜਦੋਂ ਕਿ ਵਿਧਾਇਕ ਰਾਕੇਸ਼ ਪੰਡਤ ਦੇ ਪੁੱਤਰ ਭੀਸ਼ਮ ਪੰਡਤ ਨਾਇਬ ਤਹਿਸੀਲਦਾਰ ਦੇ ਅਹੁਦੇ ’ਤੇ ਪੰਜਾਬ ਸਰਕਾਰ ਵਿਚ ਸੇਵਾਵਾਂ ਦੇਣਗੇ। ਬਿਨੈਕਾਰ ਅਰਜਨ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੇ ਸਾਬਕਾ ਮੰਤਰੀ ਸਤਨਾਮ ਸਿੰਘ ਬਾਜਵਾ ਦੇ ਪੋਤਾ ਹਨ, ਜਿਨ੍ਹਾਂ ਨੇ ਰਾਜ ਵਿਚ ਅਮਨ ਅਤੇ ਸਦਭਾਵਨਾ ਦੀ ਖ਼ਾਤਰ 1987 ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਉਨ੍ਹਾਂ ਦੀ ਨਿਯੁਕਤੀ ਮੌਜੂਦਾ ਨਿਯਮਾਂ ਵਿਚ ਇਸ ਨੂੰ ਪ੍ਰਥਾ ਬਣਾਏ ਬਿਨਾਂ ਇੱਕ-ਵਾਰ ਦੀ ਮੁਆਫ਼ੀ/ਢਿੱਲ ਦਿੰਦੇ ਹੋਏ ਕੀਤੀ ਗਈ ਹੈ। ਉੱਥੇ ਹੀ 1987 ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਜੋਗਿੰਦਰ ਪਾਲ ਪੰਡਤ ਦੇ ਪੋਤਰੇ ਭੀਸ਼ਮ ਪੰਡਤ ਦੀ ਮਾਲੀਆ ਵਿਭਾਗ ਵਿਚ ਨਾਇਬ ਤਹਿਸੀਲਦਾਰ ਦੇ ਤੌਰ ’ਤੇ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਸਬੰਧੀ ਪਾਲਿਸੀ, 2002 ਵਿਚ ਇੱਕ ਵਾਰ ਛੋਟ ਦੇ ਕੇ ਵਿਸ਼ੇਸ਼ ਕੇਸ ਦੇ ਤੌਰ ’ਤੇ ਮੰਨਿਆ ਗਿਆ ਹੈ। ਇਸ ਨੂੰ ਪ੍ਰਥਾ ਦੇ ਤੌਰ ’ਤੇ ਨਹੀਂ ਵਿਚਾਰਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਬੱਚਿਆਂ/ਪੋਤਰੇ-ਪੋਤੀਆਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਕੇਸ ਦੇ ਆਧਾਰ ’ਤੇ ਕਰੂਣਾਮੂਲਕ ਨਿਯੁਕਤੀ ਲਈ ਵਿਚਾਰਿਆ ਜਾਣਾ ਜਾਰੀ ਰੱਖਿਆ ਜਾਵੇਗਾ। ਲਿੰਕ ਸੜਕਾਂ ਦੇ ਮੁੱਖ ਜ਼ਿਲ੍ਹਾ ਸੜਕਾਂ ਅਤੇ ਹੋਰ ਸਿੱਧੇ ਮਾਰਗਾਂ ਦੇ ਤੌਰ ’ਤੇ ਅਪਗਰੇਡ ਹੋਣ ਕਾਰਣ ਮਿੰਨੀ ਬਸ ਆਪਰੇਟਰਾਂ ਨੂੰ ਉਨ੍ਹਾਂ ਦੇ ਪਰਮਿਟ ਦੇ ਨਵੀਨੀਕਰਨ ਵਿਚ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਸ ਸਬੰਧੀ ਨਿਯਮਾਂ ਨੂੰ ਆਸਾਨ ਬਣਾਉਣ ਲਈ ਸਹਿਮਤੀ ਦਿੱਤੀ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ‘ਚ ਉਨ੍ਹਾਂ ਆਪਰੇਟਰਾਂ ਨੂੰ ਪੰਜਾਬ ਟਰਾਂਸਪੋਰਟ ਸਕੀਮ-2018 ਦੀ ਧਾਰਾ 3 (ਈ) ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਨੂੰ ਸਕੀਮ ਦੇ ਲਾਗੂ ਹੋਣ ਤੋਂ ਪਹਿਲਾਂ ਮੋਟਰ ਵਾਹਨ ਐਕਟ ਅਨੁਸਾਰ ਸਰਕਾਰੀ ਬੱਸਾਂ ਲਈ ਪਰਮਿਟ ਜਾਰੀ ਕੀਤਾ ਗਿਆ ਸੀ।