Uncategorized
ਕੈਪਟਨ-ਸਿੱਧੂ ਦੀ ਸਿਆਸੀ ਲੜਾਈ ‘ਚ ‘ਘਰਵਾਲੀਆਂ’ ਦੀ ਐਂਟਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਸਿਆਸੀ ਜੰਗ ‘ਚ ਹੁਣ ਘਰਵਾਲੀਆਂ ਦੀ ਵੀ ਐਂਟਰੀ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਅਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਇਕ-ਦੂਜੇ ਖ਼ਿਲਾਫ਼ ਦਿਲ ਦਾ ਉਬਾਲ ਕੱਢਿਆ ਜਾ ਰਿਹਾ।
ਪਰਨੀਤ ਕੌਰ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਹਲਕੇ ਦਾ ਕੰਮਕਾਜ ਦੇਖਣ ਦੀ ਸਲਾਹ ਦਿੱਤੀ ਗਈ ਸੀ। ਪਰਨੀਤ ਕੌਰ ਦੀ ਇਸ ਸਲਾਹ ‘ਤੇ ਨਵਜੋਤ ਕੌਰ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ। ਉੱਥੇ ਹੀ ਹੁਣ ਨਵਜੋਤ ਕੌਰ ਸਿੱਧੂ ਨੇ ਵੀਰਵਾਰ ਨੂੰ ਟਵੀਟ ਕਰਦਿਆਂ ਇਹ ਕਿਹਾ ਕਿ ਉਹ ਮੁੜ ਤੋਂ ਲੋਕਾਂ ਦੀ ਸੇਵਾ ਲਈ ਡਾਕਟਰ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਦੇਣਾ ਚਾਹੁੰਦੀ ਹੈ ਅਤੇ ਇਸ ਸਬੰਧੀ ਸਰਕਾਰ ਨੂੰ ਇਕ ਅਰਜ਼ੀ ਵੀ ਭੇਜੀ ਹੈ ਪਰ ਇਸ ਦਾ ਕੋਈ ਜਵਾਬ ਨਹੀਂ ਮਿਲਿਆ ਹੈ।
ਆਪਣੇ ਟਵੀਟ ‘ਚ ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਸਿਆਸੀ ਅਹੁਦਾ ਨਾ ਹੋਣ ਦੇ ਬਾਵਜੂਦ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਦੇ ਕੋ-ਵਰਕਰਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਸੀ ਤਾਂ ਉਨ੍ਹਾਂ ਨੂੰ ਰੋਕਿਆ ਗਿਆ।ਨਵਜੋਤ ਕੌਰ ਨੇ ਕਿਹਾ ਕਿ ਉਹ ਸਿਰਫ ਸਮਾਜ ਲਈ ਕੰਮ ਕਰ ਰਹੀ ਸੀ ਅਤੇ ਕੋਵਿਡ ਮਹਾਮਾਰੀ ਦੌਰਾਨ ਲੋਕਾਂ ਲਈ ਦਵਾਈਆਂ ਤੇ ਆਕਸੀਜਨ ਮੁਹੱਈਆ ਕਰਵਾਈ ਜਾ ਰਹੀ ਸੀ। ਨਵਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਦੁਬਾਰਾ ਜੁਆਇਨ ਕਰਨ ਲਈ ਅਰਜ਼ੀ ਵੀ ਦਿੱਤੀ ਹੋਈ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ।