Connect with us

Punjab

ਮੁੱਖ ਮੰਤਰੀ 30 ਮਈ ਨੂੰ ਸੂਬੇ ਵਿੱਚ ਲੌਕਡਾਊਨ ਹਟਾਉਣ ਜਾਂ ਵਧਾਉਣ ਦੇ ਫੈਸਲੇ ਦਾ ਐਲਾਨ ਕਰਨਗੇ

Published

on

  • ਮੰਤਰੀ ਮੰਡਲ ਵੱਲੋਂ ਕੋਵਿਡ-19 ਦਰਮਿਆਨ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਖੁਰਾਕ ਮੰਤਰੀ ਅਤੇ ਵਿਭਾਗ ਦੀ ਸ਼ਲਾਘਾ


ਚੰਡੀਗੜ੍ਹ, 27 ਮਈ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੌਕਡਾਊਨ ਨਾਲ ਸਬੰਧਤ ਅਗਲਾ ਕਦਮ ਚੁੱਕਣ ਦਾ ਫੈਸਲਾ 30 ਮਈ ਨੂੰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ 30 ਮਈ ਨੂੰ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲੈਣਗੇ ਅਤੇ ਲੌਕਡਾਊਨ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਐਲਾਨ ਕਰਨਗੇ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਹ ਪ੍ਰਗਟਾਵਾ ਕਰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਮੌਜੂਦਾ ਲੌਕਡਾਊਨ ਮੁੱਕਣ ਤੋਂ ਕੁੱਝ ਦਿਨ ਪਹਿਲਾਂ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਅਗਲਾ ਕਦਮ ਚੁੱਕਣਾ ਚਾਹੀਦਾ ਹੈ। ਲੌਕਡਾਊਨ ਵਿੱਚ ਬਿਨਾਂ ਢਿੱਲ ਜਾਂ ਢਿੱਲ ਨਾਲ ਵਾਧਾ ਕਰਨ ਦਾ ਫੈਸਲਾ ਜਾਇਜ਼ਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।
ਇਸੇ ਦੌਰਾਨ ਮੰਤਰੀ ਮੰਡਲ ਨੇ ਹਾੜ੍ਹੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਖਾਸ ਕਰਕੇ ਕੋਵਿਡ-19 ਦੇ ਔਖੇ ਸਮੇਂ ਅਤੇ ਲੌਕਡਾਊਨ ਮੌਕੇ ਕਣਕ ਦੀ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਵਧਾਈ ਦਿੱਤੀ।
ਮੰਤਰੀ ਮੰਡਲ ਨੇ ਸੂਬੇ ਦੀਆਂ ਲਗਪਗ 4000 ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਵਿਆਪਕ ਕਾਰਜ ਨੂੰ ਸਫਲਤਾਪੂਰਵਕ ਸਿਰੇ ਚਾੜ੍ਹਨ ਲਈ ਵਿਸ਼ੇਸ਼ ਤੌਰ ‘ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ਲਾਘਾ ਕੀਤੀ ਕਿਉਂ ਜੋ ਮੰਡੀਆਂ ਵਿੱਚ ਸਾਰੇ ਭਾਈਵਾਲਾਂ ਦੀ ਸੁਰੱਖਿਆ ਲਈ ਸਮਾਜਿਕ ਦੂਰੀ ਸਮੇਤ ਸਿਹਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਗਿਆ।
ਇਸ ਔਖੇ ਸਮੇਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਨੇ ਡੇਢ ਮਹੀਨੇ ਦੇ ਰਿਕਾਰਡ ਸਮੇਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧਾਂ ਕਰਨ ਵਾਸਤੇ ਦਿਨ-ਰਾਤ ਇਕ ਕੀਤਾ। ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਮੰਡੀ ਬੋਰਡ ਵੱਲੋਂ ਪੜਾਅਵਾਰ ਕਣਕ ਲਿਆਉਣ ਲਈ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 17.34 ਲੱਖ ਪਾਸ ਜਾਰੀ ਕੀਤੇ ਗਏ।
26 ਮਈ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 126.80 ਲੱਖ ਮੀਟਰਕ ਟਨ ਕਣਕ ਖਰੀਦੀ ਗਈ ਜਿਸ ਵਿੱਚੋਂ 123.64 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚੋਂ ਚੁੱਕੀ ਗਈ ਅਤੇ ਕਿਸਾਨਾਂ ਨੂੰ ਹੁਣ ਤੱਕ 21004.68 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।