News
ਸੀ.ਬੀ.ਆਈ ਵਲੋਂ ਬਾਦਲ ਦੇ ਦਬਾਅ ਅਧੀਨ ਬਰਗਾੜੀ ਮਾਮਲੇ ਨੂੰ ਲਟਕਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਕੈਪਟਨ

ਚੰਡੀਗੜ੍ਹ, 06 ਮਾਰਚ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀ.ਬੀ.ਆਈ. ਵਲੋਂ ਦਾਇਰ ਕੀਤੀ ਗਈ ਰੀਵਿਊ ਪਟੀਸ਼ਨ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਦੋਸ਼ ਲਾਇਆ ਹੈ ਕਿ ਸੀ.ਬੀ.ਆਈ. ਵਲੋਂ ਅਕਾਲੀ ਦਲ ਬਾਦਲ ਦੀ ਮਿਲੀ ਭੁਗਤ ਨਾਲ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਰਾਹਤ ਦੇਣ ਲਈ ਕੇਸ ਲਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਾਰੀ ਬਿਆਨ ਵਿਚ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ ਦੇਣ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਇਨਵੈਸਟੀਗੇਟਿਵ ਟੀਮ (ਸਿਟ) ਨੂੰ ਦੇਣ ਦਾ ਫੈਸਲਾ ਕੀਤਾ ਗਿਆ ਸੀ। ਪਰ ਸੀ.ਬੀ.ਆਈ. ਵਲੋਂ ਜਾਣ ਬੁੱਝ ਕੇ ਇਹ ਮਾਮਲਾ ਲਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਾਨੂੰਨ ਵਿਚ ਪੂਰਾ ਵਿਸ਼ਵਾਸ਼ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਹਰ ਹਾਲਤ ਵਿਚ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਜਦੋਂ ਸੁਪਰੀਮ ਕੋਰਟ ਵਲੋਂ ਸੀ.ਬੀ.ਆਈ. ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ ਤਾਂ ਦੁਬਾਰਾ ਰਿਵਿਊ ਪਟੀਸ਼ਨ ਪਾਉਣ ਦੀ ਕੋਈ ਲੋੜ ਨਹੀਂ ਸੀ। ਅੱਜ ਸਵੇਰੇ ਸੀ.ਬੀ.ਆਈ. ਨੇ ਮੋਹਾਲੀ ਦੀ ਅਦਾਲਤ ਨੂੰ ਦੱਸਿਆ ਸੀ ਕਿ ਸੁਪਰੀਮ ਕੋਰਟ ਵਿਚ ਅਦਾਲਤ ਦੇ 20 ਫਰਵਰੀ ਦੇ ਫੈਸਲੇ ਬਾਰੇ ਰਿਵਿਊ ਪਟੀਸ਼ਨ ਦਾਇਰ ਕੀਤੀ ਗਈ ਹੈ। ਵਰਨਣਯੋਗ ਹੈ ਕਿ 20 ਫਰਵਰੀ ਨੂੰ ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਉਹ ਸਪੈਸ਼ਲ ਲੀਵ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਵਿਚ ਸੀ.ਬੀ.ਆਈ. ਨੇ ਬਰਗਾੜੀ ਕਾਂਡ ਦੀ ਜਾਂਚ ‘ਤੇ ਹੱਕ ਜਤਾਇਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਕੇਂਦਰ ਵਿਚ ਕਾਬਜ ਭਾਜਪਾ ਦੇ ਭਾਈਵਾਲ ਅਕਾਲੀ ਦਲ ਬਾਦਲ ਦੇ ਦਬਾਅ ਅਧੀਨ ਹੀ ਸੀ.ਬੀ.ਆਈ. ਵਲੋਂ ਬਰਗਾੜੀ ਅਤੇ ਬਹਿਬਲ ਕਾਂਡ ਦੇ ਮਾਮਲੇ ਨੂੰ ਲਟਕਾਇਆ ਜਾ ਰਿਹਾ ਹੈ।