Connect with us

Punjab

ਹਰੇਕ ਬੂਥ ‘ਤੇ ਆਉਣ ਵਾਲੇ ਪਹਿਲੇ 10 ਵੋਟਰਾਂ ਨੂੰ ਪ੍ਰਦਾਨ ਕੀਤਾ ਜਾਵੇਗਾ ਸਰਟੀਫਿਕੇਟ

Published

on

ਪਟਿਆਲਾ: 20 ਫਰਵਰੀ ਨੂੰ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ‘ਚ 1784 ਪੋਲਿੰਗ ਬੂਥਾਂ ‘ਤੇ ਵੋਟਾਂ ਪਾਉਣ ਵਾਲੇ ਪਹਿਲੇ 10 ਵੋਟਰਾਂ ਨੂੰ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਵਾਲੇ ਦਿਨ ਜਿਥੇ ਸਾਰੇ ਪੋਲਿੰਗ ਬੂਥਾਂ ‘ਤੇ ਪਹਿਲੇ 10 ਵੋਟਰਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ, ਉਥੇ ਹੀ ਪਹਿਲੇ ਪੰਜ ਨਵੇਂ ਵੋਟਰਾਂ ਤੇ ਪਹਿਲੇ ਟਰਾਂਸਜੈਂਡਰ, ਦਿਵਿਆਂਗਜਨ ਤੇ ਬਜ਼ੁਰਗ ਵੋਟਰਾਂ ਨੂੰ ਵੀ ਰਿਟਰਨਿੰਗ ਅਫ਼ਸਰ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 18 ਸਾਲ ਪੂਰੇ ਕਰ ਚੁੱਕੇ ਤੇ ਪਹਿਲੀ ਵਾਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਵਾਲੇ ਵੋਟਰਾਂ ਨੂੰ ਉਤਸ਼ਾਹਤ ਕਰਨ ਲਈ ਪਹਿਲੇ ਪੰਜ ਨਵੇਂ ਵੋਟਰਾਂ ਨੂੰ ਵੀ ਹਰੇਕ ਪੋਲਿੰਗ ਬੂਥ ‘ਤੇ ਸਰਟੀਫਿਕੇਟ ਨਾਲ ਸਨਮਾਨਤ ਕਰਨ ਦਾ ਫੈਸਲਾ ਕੀਤਾ ਗਿਆ ਹੈ,

ਜਿਥੇ ਰਿਟਰਨਿੰਗ ਅਫ਼ਸਰ ਵੱਲੋਂ ਇਹ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਇਸੇ ਤਰ੍ਹਾਂ ਹਰੇਕ ਬੂਥ ‘ਤੇ ਆਉਣ ਵਾਲੇ ਪਹਿਲੇ ਟਰਾਂਸਜੈਂਡਰ, ਪਹਿਲੇ ਦਿਵਿਆਂਗਜਨ ਤੇ ਪਹਿਲੇ ਬਜ਼ੁਰਗ ਵੋਟਰਾਂ ਨੂੰ ਵੀ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਰਾਂ ‘ਚ ਉਤਸ਼ਾਹ ਵਧੇਗਾ ਤੇ ਉਨ੍ਹਾਂ ਦੀ ਲੋਕਤੰਤਰ ਦੇ ਇਸ ਤਿਉਹਾਰ ‘ਚ ਸ਼ਮੂਲੀਅਤ ‘ਚ ਵੀ ਵਾਧਾ ਹੋਵੇਗਾ।


ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਚੋਣਾਂ ਵਾਲੇ ਦਿਨ ਬਜ਼ੁਰਗਾਂ, ਬਿਮਾਰਾਂ ਤੇ ਦਿਵਿਆਂਗਜਨਾਂ ਦੀ ਸਹਾਇਤਾ ਲਈ ਪੋਲਿੰਗ ਬੂਥਾਂ ‘ਤੇ ਵਲੰਟੀਅਰ ਵੀ ਤਾਇਨਾਤ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਵੀ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੇ ਇਸ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।