Punjab
ਬਦਲੇ ਮੌਸਮ ਨੇ ਕਿਸਾਨਾਂ ਦੇ ਸੁਕਾਏ ਸਾਹ
ਜਿੱਥੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਹਾਲੋ ਬੇਹਾਲ ਕੀਤਾ ਹੋਇਆ ਸੀ। ਉਥੇ ਹੀ ਹੁਣ ਪੰਜਾਬ ਤੇ ਹਰਿਆਣਾ ਵਿਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਚੱਲ ਰਹੀ ਤੇਜ਼ ਹਵਾਵਾਂ ਨਾਲ ਗਰਮੀ ਤੋਂ ਤਾਂ ਰਾਹਤ ਮਿਲ ਗਈ ਹੈ ਪਰ ਇਸ ਮੌਸਮ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਕੇ ਰੱਖ ਦਿੱਤੀਆਂ ਹਨ। ਕਿਉਂਕਿ ਖੇਤਾਂ ਵਿੱਚ ਵਾਢੀ ਲਈ ਤਿਆਰ ਹੋਣ ਕੰਢੇ ਪਹੁੰਚੀ ਝੋਨੇ ਦੀ ਫ਼ਸਲ ਤੇਜ਼ ਹਵਾਵਾਂ ਕਰਕੇ ਵਿਛ ਗਈ ਹੈ।
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ-
ਉਧਰ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਤੋਂ ਰਾਜਧਾਨੀ ਚੰਡੀਗੜ੍ਹ, ਫਤਹਿਗੜ੍ਹ ਸਾਹਿਬ, ਰੋਪੜ, ਪਟਿਆਲਾ, ਪਠਾਨਕੋਟ ਤੇ ਮੁਹਾਲੀ ਵਿੱਚ ਭਾਰੀ ਮੀਂਹ ਪਿਆ ਹੈ। ਮੀਂਹ ਕਰਕੇ ਸ਼ਹਿਰਾਂ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਦੇ ਨਾਲ ਹੀ ਕਈ ਥਾਵਾਂ ’ਤੇ ਖੇਤਾਂ ਵਿੱਚ ਵੀ ਮੀਂਹ ਭਰ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟੇ ਤੇਜ਼ ਬਾਰਸ਼ ਹੋ ਸਕਦੀ ਹੈ।ਅੱਜ (ਸ਼ੁੱਕਰਵਾਰ) ਸੂਬੇ ਦੇ 16 ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ।
ਪੰਜਾਬ ਸਮੇਤ ਪੂਰੇ ਭਾਰਤ ਵਿੱਚ ਮੀਂਹ ਦੀ ਸੰਭਾਵਨਾ-
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ਦੇ ਉੱਤਰੀ ਤੱਟ, ਉੱਤਰੀ ਮੱਧ ਮਹਾਰਾਸ਼ਟਰ, ਦੱਖਣੀ ਗੁਜਰਾਤ, ਬਿਹਾਰ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਉੱਤਰ-ਪੂਰਬੀ ਭਾਰਤ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਲਕਸ਼ਦੀਪ, ਪੰਜਾਬ, ਉੱਤਰੀ ਹਰਿਆਣਾ, ਪੂਰਬੀ ਰਾਜਸਥਾਨ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਦਿੱਲੀ, ਪੱਛਮੀ ਗੁਜਰਾਤ, ਕੇਰਲ ਅਤੇ ਲਕਸ਼ਦੀਪ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।