Punjab
ਮੋਹਾਲੀ ਬਲਾਸਟ ਮਾਮਲੇ ‘ਚ ਐਕਸ਼ਨ ‘ਚ ਮੁੱਖ ਮੰਤਰੀ ਭਗਵੰਤ ਮਾਨ, ਟਵੀਟ ਕਰਕੇ ਕਹੀ ਇਹ ਗੱਲ

ਮੋਹਾਲੀ: ਬੀਤੀ ਰਾਤ ਮੋਹਾਲੀ ‘ਚ ਇੰਟੈਲੀਜੈਂਸ ਵਿੰਗ ਦੇ ਦਫ਼ਤਰ ‘ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਭਗਵੰਤ ਮਾਨ ਨੇ ਲਿਖਿਆ ਕਿ ਮੋਹਾਲੀ ‘ਚ ਹੋਏ ਬੰਬ ਧਮਾਕੇ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਹਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ। ਮੌਕੇ ‘ਤੇ ਐਨ.ਆਈ.ਏ ਵੀ ਜਾਵੇਗੀ। ਕੁਝ ਸ਼ੱਕੀ ਵਿਅਕਤੀ ਵੀ ਦੇਖੇ ਗਏ ਹਨ। ਪੁਲਿਸ ਵੱਲੋਂ ਸੀ.ਸੀ.ਟੀ.ਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਸ਼ਾਮ 7.30 ਵਜੇ ਦੇ ਕਰੀਬ ਮੋਹਾਲੀ ਸਥਿਤ ਖੁਫੀਆ ਵਿਭਾਗ ਦੇ ਹੈੱਡਕੁਆਰਟਰ ਦੇ ਬਾਹਰ ਧਮਾਕਾ ਹੋਇਆ। ਇਸ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ, “ਖੁਫੀਆ ਵਿਭਾਗ ਦੇ ਦਫ਼ਤਰ ਦੀ ਤੀਜੀ ਮੰਜ਼ਿਲ ‘ਤੇ ਰਾਕੇਟ ਵਰਗੀ ਚੀਜ਼ ਡਿੱਗ ਗਈ, ਜਿਸ ਕਾਰਨ ਧਮਾਕਾ ਹੋਇਆ। ਇਸ ਧਮਾਕੇ ‘ਚ ਦਫ਼ਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਧਮਾਕੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।