Punjab
ਮੁੱਖ ਮੰਤਰੀ ਨੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਨਾਲ ਕੀਤਾ ਵਾਅਦਾ ਨਿਭਾਇਆ, ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਚੰਡੀਗੜ੍ਹ: ਭਾਰਤ-ਚੀਨ ਸਰਹੱਦ ’ਤੇ ਸ਼ਹਾਦਤ ਦਾ ਜਾਮ ਪੀਣ ਵਾਲੇ ਫੌਜੀ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਸਨੇਹ ਪ੍ਰਗਟਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਕ ਲਈ ਸੈਨਿਕ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਅੱਜ ਪਰਿਵਾਰ ਦੇ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਰੰਗਾ ਯਾਤਰਾ ਮੌਕੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਡਿਊਟੀ ਦੌਰਾਨ ਕੋਈ ਵੀ ਸੈਨਿਕ ਸ਼ਹਾਦਤ ਪ੍ਰਾਪਤ ਕਰਦਾ ਹੈ ਤਾਂ ਉਸ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਨੇ ਅੱਜ ਖੁਦ ਸ਼ਹੀਦ ਦੇ ਪਿੰਡ ਜਾ ਕੇ ਪਰਿਵਾਰ ਨੂੰ ਚੈੱਕ ਸੌਂਪਿਆ। ਫੌਜੀ ਜਵਾਨ ਕੁਲਦੀਪ ਸਿੰਘ 10 ਜੁਲਾਈ ਨੂੰ ਭਾਰਤ-ਚੀਨ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰ ਗਿਆ ਸੀ ਅਤੇ 12 ਦਿਨਾਂ ਦੇ ਅੰਦਰ ਮੁੱਖ ਮੰਤਰੀ ਨੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪ ਦਿੱਤਾ ਜਿਸ ਨਾਲ ਦੁੱਖਾਂ ਵਿਚ ਡੁੱਬੇ ਪਰਿਵਾਰ ਨੂੰ ਵੱਡੀ ਰਾਹਤ ਮਿਲੀ। ਇਹ ਉਪਰਾਲਾ ਸਰਹੱਦਾਂ ਉਤੇ ਮੁਲਕ ਦੀ ਰਾਖੀ ਕਰ ਰਹੇ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਿਚ ਕੀਤਾ ਗਿਆ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰੇ। ਉਨ੍ਹਾਂ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵੱਲੋਂ ਸੈਨਿਕਾਂ ਦੇ ਪਰਿਵਾਰਾਂ ਦੇ ਦੁੱਖ ਘੱਟ ਕਰਨ ਲਈ ਮਦਦ ਲਈ ਵਧਾਇਆ ਹੱਥ ਇਕ ਪਾਸੇ ਪੀੜਤ ਪਰਿਵਾਰ ਲਈ ਸਹਾਇਕ ਬਣੇਗਾ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦ ਕਰੇਗਾ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਉਤਸ਼ਾਹਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਉਹ ਖ਼ੁਦ ਉਨ੍ਹਾਂ ਦੇ ਪਿੰਡ ਲੋਹਕੇ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਪੀੜਤ ਪਰਿਵਾਰ ਨੂੰ ਚੈੱਕ ਸੌਂਪਣ ਅਤੇ ਦੁੱਖ ਸਾਂਝਾ ਕਰਨ ਲਈ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਇਕ ਕਰੋੜ ਰੁਪਏ ਵਿੱਚੋਂ 95 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਅਤੇ ਪੰਜ ਲੱਖ ਰੁਪਏ ਰੱਖਿਆ ਸੇਵਾਵਾਂ ਅਤੇ ਭਲਾਈ ਵਿਭਾਗ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਦਿੱਤੇ ਜਾਣਗੇ।
