Connect with us

Punjab

ਮੁੱਖ ਮੰਤਰੀ ਵੱਲੋਂ ਨਾਰਕੋ-ਗੈਂਗਸਟਰ-ਅਤਿਵਾਦ ਦੇ ਗਠਜੋੜ ਦੇ ਖ਼ਾਤਮੇ ਲਈ ਸੂਬਿਆਂ ਦੀ ਏਕੀਕ੍ਰਿਤ ਕਾਰਵਾਈ ਦੀ ਵਕਾਲਤ

Published

on

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਕੋ-ਗੈਂਗਸਟਰ-ਅਤਿਵਾਦ ਦੇ ਨਾਪਾਕ ਗਠਜੋੜ ਨਾਲ ਸਿੱਝਣ ਲਈ ਸੂਬਿਆਂ ਵੱਲੋਂ ਏਕੀਕ੍ਰਿਤ ਕਾਰਵਾਈ ਦੀ ਲੋੜ ਉਤੇ ਜ਼ੋਰ ਦਿੱਤਾ ਹੈ।

ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਸ਼ਿਆਂ ਦੀ ਤਸਕਰੀ ਤੇ ਕੌਮੀ ਸੁਰੱਖਿਆ ਬਾਰੇ ਇਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਖ਼ਤਰੇ ਨਾਲ ਲੜਨ ਲਈ ਸਾਰੇ ਇਕਜੁੱਟ ਹੋ ਕੇ ਕਾਰਵਾਈ ਕਰਨ। ਉਨ੍ਹਾਂ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਿਆਂ ਨੂੰ ਸਿਹਰਾ ਲੈਣ ਦੀ ਦੌੜ ਵਿੱਚ ਨਹੀਂ ਪੈਣਾ ਚਾਹੀਦਾ, ਸਗੋਂ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਅਤਿਵਾਦੀਆਂ ਦੇ ਖ਼ਾਤਮੇ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਿਆਂ ਨੂੰ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਇਸ ਨੂੰ ਨੁਕਸ ਰਹਿਤ ਤਰੀਕੇ ਨਾਲ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਇੱਛਤ ਨਤੀਜੇ ਹਾਸਲ ਹੋ ਸਕਣ।

ਮੁੱਖ ਮੰਤਰੀ ਨੇ ਇਸ ਗਠਜੋੜ ਨੂੰ ਦੇਸ਼ ਦੀ ਸੁਰੱਖਿਆ, ਪ੍ਰਭੂਸੱਤਾ ਤੇ ਅਖੰਡਤਾ ਲਈ ਵੱਡਾ ਖ਼ਤਰਾ ਦੱਸਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਖ਼ਤਰੇ ਨੂੰ ਛੇਤੀ ਤੋਂ ਛੇਤੀ ਖ਼ਤਮ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਾਰੇ ਸੂਬੇ ਆਪਣੇ ਵਖਰੇਵਿਆਂ ਨੂੰ ਪਾਸੇ ਰੱਖ ਕੇ ਇਸ ਖ਼ਤਰੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।

ਮੁੱਖ ਮੰਤਰੀ ਨੇ ਸੂਬੇ ਵਿੱਚ ਫੋਰੈਂਸਿਕ ਲੈਬਾਰਟਰੀ ਸਥਾਪਤ ਕਰਨ ਲਈ ਕੇਂਦਰ ਸਰਕਾਰ ਦੀ ਹਰ ਸਹਾਇਤਾ ਤੇ ਸਹਿਯੋਗ ਕਰਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਨਸ਼ਿਆਂ, ਹਥਿਆਰਾਂ ਤੇ ਹੋਰ ਵਸਤਾਂ ਦੀ ਕੰਡਿਆਲੀ ਤਾਰਾਂ ਰਾਹੀਂ ਸਮਗਲਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਬਾਵਜੂਦ ਪੰਜਾਬ ਕੋਲ ਨਸ਼ਿਆਂ ਦੀ ਜਾਂਚ ਲਈ ਅਜਿਹੀ ਕੋਈ ਲੈਬਾਰਟਰੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਲੈਬਾਰਟਰੀ ਸਥਾਪਤ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।