Punjab
CM ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਪਹੁੰਚੇ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਪਿੰਡ ਖਟਕੜਕਲਾਂ ਵਿਖੇ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਾਇਬਗੜ੍ਹ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਸੀ। ਸੀ.ਐਮ ਭਗਵੰਤ ਮਾਨ ਦੇ ਅੱਜ 3 ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਤੋਂ ਬਾਅਦ ਉਹ ਫਿਰੋਜ਼ਪੁਰ ਜਾ ਕੇ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਮਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਚ ਸਿੱਧੇ ਤੌਰ ‘ਤੇ ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੰਤਰ-ਮੰਤਰ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੋਸਟਰ ਲਗਾਏ ਜਾਣ ਤੋਂ ਬਾਅਦ ਹੋਈ ਕਾਰਵਾਈ ਕਾਰਨ ਇਹ ਜਨ ਸਭਾ ਕੀਤੀ ਜਾ ਰਹੀ ਹੈ।
