Connect with us

Punjab

ਮੁੱਖ ਮੰਤਰੀ ਨੇ ਸੂਬੇ ਭਰ ਦੇ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਕੀਤਾ ਲਾਂਚ

Published

on

ਚੰਡੀਗੜ੍ਹ:

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ।

ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਦਾ ਕੰਮ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲਜ਼ ਆਫ਼ ਐਮੀਨੈਂਸ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਤਕਰੀਬਨ ਇਕ ਮਹੀਨਾ ਪਹਿਲਾਂ, ਪਹਿਲਾ ‘ਸਕੂਲ ਆਫ਼ ਐਮੀਨੈਂਸ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐਸ.), ਆਈ.ਆਈ.ਟੀ., ਐਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ ਬਾਕੀ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਮਾਪੇ ਇਸ ਪੋਰਟਲ ‘ਤੇ 10 ਮਾਰਚ ਤੱਕ ਅਪਲਾਈ ਕਰ ਸਕਦੇ ਹਨ ਅਤੇ ਇਹ ਯਕੀਨੀ ਬਣਾ ਸਕਦੇ ਹਨ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।