Punjab
ਸਰਕਾਰੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ‘ਤੇ CM ਮਾਨ ਸਖ਼ਤ ਕਿਹਾ- 31 ਮਈ ਤੱਕ ਜ਼ਮੀਨ ਛੱਡੋ ਨਹੀਂ ਤਾਂ ਹੋਵੇਗੀ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਪ੍ਰਭਾਵਸ਼ਾਲੀ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਦੀ ਜ਼ਮੀਨ ਜਾਂ ਕਿਸੇ ਹੋਰ ਜਗ੍ਹਾ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਨ੍ਹਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਆਪਣੇ ਕਬਜ਼ੇ ਛੱਡਣ ਦੀ ਅਪੀਲ ਕੀਤੀ ਜਾਂਦੀ ਹੈ। 1 ਜੂਨ ਤੋਂ ਪੰਜਾਬ ਸਰਕਾਰ ਦੀ ਤਰਫੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਟਵੀਟ ਕਰਕੇ ਇਹ ਗੱਲ ਸਾਂਝੀ ਕੀਤੀ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਦਾ ਦਾਅਵਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਸਰਕਾਰ ਲੋਕਾਂ ਦੀ ਸਹੂਲਤ ਲਈ ਹੈ। ਸਰਕਾਰ ਹਰ ਕਿਸੇ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਪਿਛਲੇ ਸਾਲ ਵੀ ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਸੀ। ਇਸ ਦੌਰਾਨ ਕਈ ਲੋਕ ਅਦਾਲਤ ਦੀ ਸ਼ਰਨ ‘ਚ ਪੁੱਜੇ ਹੋਏ ਸਨ। ਸਰਕਾਰ ਨੇ ਅਦਾਲਤ ਵਿੱਚ ਵੀ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕੀਤਾ ਸੀ। ਇਸ ਦੇ ਨਾਲ ਹੀ ਇਸ ਮੁਹਿੰਮ ਨੂੰ ਅੱਗੇ ਤੋਰਿਆ ਗਿਆ। ਇਸ ਕਾਰਨ ਸਰਕਾਰ ਨੂੰ ਕਰੋੜਾਂ ਰੁਪਏ ਦੀ ਜ਼ਮੀਨ ਮਿਲੀ। ਹੁਣ ਸਰਕਾਰ ਇਹ ਜ਼ਮੀਨ ਲੋਕਾਂ ਨੂੰ ਠੇਕੇ ‘ਤੇ ਦੇ ਰਹੀ ਹੈ, ਜਿਸ ਕਾਰਨ ਸਰਕਾਰ ਅਤੇ ਪੰਚਾਇਤ ਨੂੰ ਕਮਾਈ ਹੋ ਰਹੀ ਹੈ।