Punjab
ਮੁੱਖ ਮੰਤਰੀ ਨੇ ਹਲਵਾਰਾ ਵਿਖੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਕੀਤਾ ਦੌਰਾ
ਹਲਵਾਰਾ (ਲੁਧਿਆਣਾ):
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕੰਮਾਂ ਦਾ ਨਿਰੀਖਣ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ‘ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ ‘ਤੇ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਸ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਹ ਪ੍ਰਾਜੈਕਟ 31 ਮਾਰਚ, 2022 ਤੱਕ ਪੂਰਾ ਹੋਣਾ ਸੀ ਪਰ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਇਹ ਆਪਣੀ ਸਮਾਂ ਹੱਦ ਟੱਪ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਾਜੈਕਟ ‘ਤੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਾਰਜਕਾਰੀ ਏਜੰਸੀ ਨੂੰ ਅਗਲੇ ਛੇ ਮਹੀਨਿਆਂ ਵਿੱਚ ਕੰਮ ਮੁਕੰਮਲ ਕਰਨ ਲਈ ਕਿਹਾ ਅਤੇ ਕਿਹਾ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਕੰਮ ਦੀ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।