Connect with us

Punjab

ਸਿੱਖਿਆ, ਸਿਹਤ ਅਤੇ ਰੁਜ਼ਗਾਰ ਖੇਤਰ ਵਿੱਚ ਵੱਡੇ ਸੁਧਾਰ ਲਿਆਂਦੇ ਜਾਣਗੇ-ਮੁੱਖ ਮੰਤਰੀ

Published

on

ਕੁਰਾਲੀ (ਐਸ.ਏ.ਐਸ. ਨਗਰ, ਮੁਹਾਲੀ):

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਦੀ ਮੁਕੰਮਲ ਕਾਇਆਕਲਪ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਸਥਾਨਕ ਸਿਹਤ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਖੇਤਰਾਂ ਦੀ ਸੁਰਜੀਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਖੇਤਰ ਸਿੱਧੇ ਤੌਰ ‘ਤੇ ਲੋਕ ਭਲਾਈ ਨਾਲ ਜੁੜੇ ਹੋਏ ਹਨ।

ਦੇ ਦੌਰੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਚਨਚੇਤੀ ਦੌਰਿਆਂ ਦਾ ਮਕਸਦ ਨੁਕਸ ਕੱਢਣਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦਾ ਸਪੱਸ਼ਟ ਉਦੇਸ਼ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹੇਠਲੇ ਪੱਧਰ ‘ਤੇ ਮੌਜੂਦ ਵਿਵਸਥਾ ਦਾ ਪਤਾ ਲਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਇਨ੍ਹਾਂ ਖੇਤਰਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿੱਚ ਪਛੜ ਗਿਆ।

ਮੁੱਖ ਮੰਤਰੀ ਨੇ ਕੁਰਾਲੀ ਦੇ ਸਿਹਤ ਕੇਂਦਰ ਨੂੰ ਮੁਕੰਮਲ ਰੂਪ ਵਿੱਚ ਸੁਧਾਰਨ ਦਾ ਐਲਾਨ ਕਰਦਿਆਂ ਕਿਹਾ ਕਿ ਇੱਥੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਹੀ ਮਿਲ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਰੂਪ ਵਿੱਚ ਸੂਬੇ ਵਿੱਚ ਇੱਕ ਨਵੀਂ ਕ੍ਰਾਂਤੀ ਆਈ ਹੈ ਜਿਸ ਵਿੱਚ ਲੋਕ ਬਿਹਤਰ ਸਿਹਤ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ਭਰ ਵਿੱਚ ਅਜਿਹੇ 500 ਕਲੀਨਿਕ ਚਾਲੂ ਹੋ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫਤ ਕਲੀਨਿਕਲ ਟੈਸਟਾਂ ਦੇ ਨਾਲ-ਨਾਲ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਵੀ ਮੁਫਤ ਦਿੱਤੀਆਂ ਜਾਣਗੀਆਂ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਵੀ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਿਰਫ਼ ਰੈਫ਼ਰਲ ਸੈਂਟਰਾਂ ਵਜੋਂ ਕੰਮ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸ਼ੁਰੂਆਤੀ ਪਲ ਬਹੁਤ ਮਹੱਤਵਪੂਰਨ ਹੁੰਦੇ ਹਨ ਜਿਸ ਕਰਕੇ ਇਸ ਸਮੇਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਦੇ ਦੂਜੇ ਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਲਈ ਅਣਥੱਕ ਯਤਨ ਕਰ ਰਹੀ ਹੈ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਹੋਰ ਵੀ ਮੌਜੂਦ ਸਨ।