Connect with us

Punjab

RDF ‘ਤੇ ਵਿਵਾਦ: ਪੰਜਾਬ ਸਰਕਾਰ ਕੇਂਦਰ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦੀ ਕਰ ਰਹੀ ਪੂਰੀ ਤਿਆਰੀ

Published

on

CHANDIGARH 29 JUNE 2023: ਪੰਜਾਬ ਸਰਕਾਰ ਕੇਂਦਰ ਸਰਕਾਰ ਖਿਲਾਫ ਅਗਲੇ ਹਫਤੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਜਾ ਰਹੀ ਹੈ। ਸੂਬਾ ਸਰਕਾਰ ਨੇ ਹੁਣ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਸਣੇ ਵੱਖ-ਵੱਖ ਆਈਟਮਾਂ ਵਿੱਚ ਪੰਜਾਬ ਦੇ ਹਿੱਸੇ ਦਾ ਪੈਸਾ ਨਾ ਦੇਣ ਲਈ ਕੇਂਦਰ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦੀ ਪੂਰੀ ਤਿਆਰੀ ਕਰ ਲਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਇਹ ਵੀ ਤੈਅ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਅਦਾਲਤ ਦੇ ਬਾਹਰ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਇੱਕ ਮਤਾ ਪਾਸ ਕਰਕੇ ਪੰਜਾਬ ਦੇ ਹਿੱਸੇ ਦੇ ਬਕਾਇਆ ਫੰਡ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਸੀ। ਇਸੇ ਮਤੇ ਵਿੱਚ ਇਹ ਵੀ ਐਲਾਨ ਕੀਤਾ ਗਿਆ ਕਿ ਜੇਕਰ ਕੇਂਦਰ ਸਰਕਾਰ ਨੇ ਰਾਜ ਨੂੰ ਬਕਾਇਆ ਫੰਡ ਨਾ ਦਿੱਤਾ ਤਾਂ ਸੂਬਾ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।

ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ ਇਸ ਸਬੰਧੀ ਕਾਨੂੰਨ ਵਿਭਾਗ ਤੋਂ ਰਾਏ ਲੈ ਕੇ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਦਿੱਲੀ ਜਾ ਰਹੇ ਹਨ। ਇਸ ਦੇ ਲਈ ਪੀਐਮਓ ਤੋਂ ਸਮਾਂ ਮੰਗਿਆ ਗਿਆ ਹੈ। ਹਾਲਾਂਕਿ ਬੈਠਕ ਦਾ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ ਹੈ।

ਪੰਜਾਬ ਸਰਕਾਰ ਕੇਂਦਰ ਤੋਂ ਵੱਖ-ਵੱਖ ਸਕੀਮਾਂ ਅਤੇ ਸਿਰਲੇਖਾਂ ਤਹਿਤ 5800 ਕਰੋੜ ਰੁਪਏ ਦੇ ਬਕਾਏ ਦੀ ਉਡੀਕ ਕਰ ਰਹੀ ਹੈ। ਇਸ ਲਈ ਮੁੱਖ ਮੰਤਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕੈਬਨਿਟ ਮੰਤਰੀਆਂ ਵੱਲੋਂ ਕੇਂਦਰੀ ਮੰਤਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਵੱਲੋਂ ਹਰ ਵਾਰ ਭਰੋਸਾ ਦਿੱਤਾ ਜਾ ਰਿਹਾ ਹੈ ਜਾਂ ਕਈ ਵਾਰ ਕੇਂਦਰ ਵੱਲੋਂ ਨਵੀਆਂ ਸ਼ਰਤਾਂ ਲਗਾ ਕੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ ਹਨ।

ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਲਗਾਤਾਰ ਪੱਤਰ ਵੀ ਲਿਖੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਆਰਡੀਐਫ ਦੇ 3600 ਕਰੋੜ ਰੁਪਏ, ਐਨਐਚਐਫ ਦੇ 600 ਕਰੋੜ ਰੁਪਏ, ਵਿਸ਼ੇਸ਼ ਕੈਪੀਟਲ ਅਸਿਸਟੈਂਟ ਦੇ 1600 ਕਰੋੜ ਰੁਪਏ, ਜੀਐਸਟੀ ਦੇ ਕਰੀਬ 600 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ।