Connect with us

General

ਸਿਹਤ ਵਿਭਾਗ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੋਨੀ

Published

on

om parkash soni

ਹਸਪਤਾਲਾਂ ਵਿੱਚ ਸਿਟੀਜ਼ਨ ਚਾਰਟਰ ਲਗਾਉਣ ਦੇ ਹੁਕਮ

ਚੰਡੀਗੜ੍ਹ, 5 ਅਕਤੂਬਰ : ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕਿਹਾ ਕਿ ਸਿਹਤ ਵਿਭਾਗ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾਲ ਹੀ ਉਹਨਾਂ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਸ੍ਰੀ ਸੋਨੀ ਅੱਜ ਇੱਥੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵੱਖ-ਵੱਖ ਸਕੀਮਾਂ ਅਤੇ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਇਜਾ ਲੈ ਰਹੇ ਸਨ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਸੂਬਾ ਵਾਸੀਆਂ ਨੂੰ ਜਾਣੂ ਕਰਵਾਉਣ ਬਾਰੇ ਸਰਕਾਰੀ ਹਸਪਤਾਲਾਂ ਵਿੱਚ ਸਿਟੀਜ਼ਨ ਚਾਰਟਰ ਲਗਾਏ ਜਾਣ। ਇਸ ਮੌਕੇ ਉਹਨਾਂ ਪੀ.ਐਚ.ਐਸ.ਸੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਬਣਨ ਵਾਲੇ ਨਵੇਂ ਜੱਚਾ ਬੱਚਾ ਕੇਂਦਰਾਂ ਦੀ ਸਥਾਪਤੀ ਸਬੰਧੀ ਮੁੱਢਲੇ ਕਾਰਜਾਂ ਨੂੰ ਇੱਕ ਹਫ਼ਤੇ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਹੋਰ ਪ੍ਰਾਜੈਕਟ ਜੋ ਉਹਨਾਂ ਅਧੀਨ ਹਨ, ਉਹਨਾਂ ਨੂੰ ਨਵੰਬਰ ਮਹੀਨੇ ਦੇ ਅਖੀਰ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਅਤੇ ਉਪਕਰਣਾਂ ਦੀ ਖ਼ਰੀਦ ਸਮੇਂ ਘੱਟੋ-ਘੱਟ ਕੀਮਤਾਂ ‘ਤੇ ਉੱਚ ਗੁਣਵੱਤਾ ਵਾਲੀਆਂ ਵਸਤਾਂ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਹਨਾਂ ਹੈਡਕੁਆਟਰ ਤਾਇਨਾਤ ਸਾਰੇ ਉੱਚ ਅਧਿਕਾਰੀਆਂ ਨੂੰ ਹਫ਼ਤੇ ਵਿੱਚ 2 ਦਿਨ ਫ਼ੀਲਡ ਵਿਜ਼ਟ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਿਵਲ ਇੰਜੀਨੀਅਰਿੰਗ ਵਿੰਗ ਵਿੱਚ ਆਰਜੀ ਭਰਤੀ ਕਰਨ ਦੇ ਵੀ ਹੁਕਮ ਦਿੱਤੇ ਤਾਂ ਜੋ ਚਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਸ੍ਰੀ ਆਲੋਕ ਸ਼ੇਖਰ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਸ੍ਰੀ ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ. , ਸ਼੍ਰੀ ਅਮਿਤ ਕੁਮਾਰ, ਐਮ.ਡੀ.ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਹੋਰ ਹਾਜ਼ਰ ਸਨ।