Delhi
ਦਿੱਲੀ ਵਿਧਾਨ ਸਭਾ ਲਈ 70 ਸੀਟਾਂ ‘ਤੇ ਵੋਟਿੰਗ ਸ਼ੁਰੂ

ਦਿੱਲੀ- 5 ਫਰਵਰੀ ਨੂੰ ਯਾਨੀ ਅੱਜ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਇਕੋ ਪੜਾਅ ‘ਚ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ੁਰੂ ਹੈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਹਾਲਾਂਕਿ ਸ਼ਾਮ 5 ਵਜੇ ਤੋਂ ਬਾਅਦ ਵੀ ਵੋਟ ਪਾਉਣ ਲਈ ਲੱਗੀ ਲਾਈਨ ‘ਚ ਜੋ ਲੋਕ ਮੌਜੂਦ ਰਹਿਣਗੇ, ਉਨ੍ਹਾਂ ਨੂੰ ਵੀ ਵੋਟ ਪਾਉਣ ਦਾ ਮੌਕਾ ਮਿਲੇਗਾ। ਚੋਣ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਕੌਮੀ ਰਾਜਧਾਨੀ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ’ਚ ‘ਆਪ’, ਭਾਜਪਾ ਤੇ ਕਾਂਗਰਸ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਦਿੱਲੀ ਦੇ 1.56 ਕਰੋੜ ਵੋਟਰ ਕੁੱਲ 699 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।
ਦਿੱਲੀ ਦੇ ਮੁੱਖ ਚੋਣ ਅਧਿਕਾਰੀ ਮੁਤਾਬਕ 13,766 ਪੋਲਿੰਗ ਸਟੇਸ਼ਨਾਂ ’ਤੇ 1.56 ਕਰੋੜ ਵੋਟਰ ਵੋਟ ਪਾਉਣ ਦੇ ਯੋਗ ਹਨ। ਅਪਾਹਜ ਵਿਅਕਤੀਆਂ ਲਈ 733 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣ ਕਮਿਸ਼ਨ ਨੇ ਕਤਾਰ ਪ੍ਰਬੰਧਨ ਸਿਸਟਮ (ਕਿਊ.ਐੱਮ.ਐੱਸ) ਐਪ ਵੀ ਲਾਂਚ ਕੀਤੀ ਹੈ, ਜਿਸ ਨਾਲ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਭੀੜ ਦਾ ਪਤਾ ਲੱਗੇਗਾ।
ਦਿੱਲੀ ਪੁਲੀਸ ਵੱਲੋਂ ਕਈ ਤਰ੍ਹਾਂ ਦੇ ਸੁਰੱਖਿਆ ਉਪਾਅ ਕੀਤੇ ਹਨ, ਜਿਨ੍ਹਾਂ ਵਿੱਚ ਅਰਧ ਸੈਨਿਕ ਬਲ, ਪੁਲੀਸ ਕਰਮਚਾਰੀ, ਸੀਸੀਟੀਵੀ, ਏਆਈ ਨਾਲ ਲੈਸ ਕੈਮਰੇ ਅਤੇ ਡਰੋਨ ਸ਼ਾਮਲ ਹਨ। ਦਿੱਲੀ ਪੁਲੀਸ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਚਿਹਰੇ ਦੀ ਪਛਾਣ ਪ੍ਰਣਾਲੀ ਦੀ ਵੀ ਵਰਤੋਂ ਕਰਦੀ ਹੈ। 5 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੀਆਂ ਹੱਦਾਂ ਉਪਰ ਚੌਕਸੀ ਵਰਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਚੋਣਾਂ ਲਈ 30 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਅਤੇ 220 ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਦਿੱਲੀ ਪੁਲੀਸ ਨੇ ਕਰੀਬ 3,000 ਪੋਲਿੰਗ ਬੂਥ ਸੰਵੇਦਨਸ਼ੀਲ ਐਲਾਨੇ ਹਨ। ਇਨ੍ਹਾਂ ਬੂਥਾਂ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।